ਸੰਗਰੂਰ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਸ਼ਨੀਵਾਰ ਨੂੰ ਸੰਗਰੂਰ ਵਿਖੇ ਪੱਤਰਕਾਰਾਂ ਦੇ ਰੂ-ਬ-ਰੂ ਹੋਏ। ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲਿਆ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ , ਇਸੇ ਲਈ ਝੋਨੇ ਦੀ ਖਰੀਦ ਨੂੰ ਦਸ ਦਿਨ ਅੱਗੇ ਪਾ ਦਿੱਤਾ ਗਿਆ ਹੈ। ਇਹ ਫੈਸਲਾ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਗੇ-ਅੱਗੇ ਤ੍ਰੇਲ ਵਧੇਗੀ ਤਾਂ ਝੋਨੇ ਵਿਚ ਨਮੀ ਦੀ ਮਾਤਰਾ ਵੀ ਵਧੇਗੀ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਹੋਰ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰਦੀ ਹੈ ਤਾਂ ਦੂਜੇ ਪਾਸੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਖਰੀਦਣ ਤੋਂ ਮੁਕਰ ਰਹੀ ਹੈ, ਜਿਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।
ਭਗਵੰਤ ਮਾਨ ਨੇ ਸੂਬੇ ਦੀ ਕਾਂਗਰਸ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਕਾਂਗਰਸ ਨੂੰ ਕੋਈ ਫਾਇਦਾ ਨਹੀਂ ਹੋਣਾ ਕਿਉਂਕਿ ਲੋਕ ਇਨ੍ਹਾਂ ਤੋਂ ਵੀ ਅੱਕੇ ਹੋਏ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਬਾਰੇ ਪੁੱਛੇ ਸਵਾਲ ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਪੀ. ਏ. ਸੀ. ਦੀ ਬੈਠਕ ਵਿਚ ਕੀਤਾ ਜਾਵੇਗਾ, ਜਿਸ ਬਾਰੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਮਾਂ ਆਉਣ ‘ਤੇ ਐਲਾਨ ਕਰ ਦੇਣਗੇ।