ਧੂਰੀ: ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ `ਚ ਚੋਣ ਪ੍ਰਚਾਰ ਕਰਨ ਦੇ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਧੀ ਹਰਸ਼ਿਤਾ ਕੇਜਰੀਵਾਲ ਪਹੁੰਚੇ। ਜਿਨ੍ਹਾਂ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਭਗਵੰਤ ਮਾਨ ਦੇ ਹੱਕ `ਚ ਵੋਟ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਅਜਿਹੇ ਸੰਸਦ ਮੈਂਬਰ ਹਨ, ਜੋ ਕਿ ਪਾਰਲੀਮੈਂਟ `ਚ ਪੰਜਾਬ ਦੇ ਮੁੱਦੇ ਚੁੱਕਦੇ ਹਨ ਅਤੇ ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਕਿਸਾਨਾਂ ਦੇ ਹੱਕ ‘ਚ ਸੰਸਦ ‘ਚ ਆਪਣੀ ਆਵਾਜ਼ ਬੁਲੰਦ ਕੀਤੀ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੇ ਸਹੀ ਕਿਹਾ ਹੈ ਕਿ ਪੰਜਾਬੀਆਂ ਦੇ ਜੋਸ਼ ਅੱਗੇ ਸਭ ਫਿੱਕਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਚਾਚਾ ਭਗਵੰਤ ਮਾਨ ਲਈ ਵੋਟਾਂ ਮੰਗਣ ਆਏ ਹਨ। ਹਰਸ਼ਿਤਾ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਬੱਚਿਆਂ ਲਈ ਸੋਚਿਆ ਹੈ।
ਇਸ ਮੌਕੇ ਭਗਵੰਤ ਮਾਨ ਦੀ ਮਾਂ ਅਤੇ ਭੈਣ ਨੇ ਵੀ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਭਗਵੰਤ ਮਾਨ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਨੇ ਤਾਂ ਭਗਵੰਤ ਮਾਨ ਨੂੰ ਸਿਰਫ ਜਨਮ ਦਿੱਤਾ ਹੈ, ਜਦੋਂ ਕਿ ਪੂਰੇ ਪੰਜਾਬ `ਚ ਉਸ ਦੀਆਂ ਬਹੁਤ ਸਾਰੀਆਂ ਮਾਵਾਂ ਹਨ।
- Advertisement -
ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ `ਚ ਰੁਜ਼ਗਾਰ ਨਾ ਹੋਣ ਕਾਰਨ ਲੱਖਾਂ ਬੱਚੇ ਵਿਦੇਸ਼ਾਂ ਨੂੰ ਜਾ ਰਹੇ ਹਨ ਅਤੇ ਏਅਰਪੋਰਟ `ਤੇ ਆਪਣੇ ਪੁੱਤਾਂ ਨੂੰ ਜਹਾਜ਼ ਚੜ੍ਹਾਉਂਦੇ ਸਮੇਂ ਹਰ ਮਾਂ ਦੀ ਅੱਖ ਰੋਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਾਂ ਨਹੀਂ ਚਾਹੁੰਦੀ ਕਿ ਉਸ ਦਾ ਬੱਚਾ ਉਸ ਦੀਆਂ ਅੱਖਾਂ ਤੋਂ ਦੂਰ ਜਾਵੇ।
ਹੁਣ ਇਹ ਦੇਖਣਾ ਹੋਵੇਗਾ ਕਿ ਕੇਜਰੀਵਾਲ ਦੀ ਪਤਨੀ ਅਤੇ ਧੀ ਵੱਲੋਂ ਭਗਵੰਤ ਮਾਨ ਦੇ ਹੱਕ `ਚ ਕੀਤੇ ਗਏ ਚੋਣ ਪ੍ਰਚਾਰ ਦਾ ਲੋਕਾਂ `ਤੇ ਕੋਈ ਅਸਰ ਪੈਂਦਾ ਹੈ ਜਾਂ ਨਹੀਂ।