ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਸੀ, ਜਿਸ ਦਾ ਅਸਰ ਪੂਰੇ ਪੰਜਾਬ ‘ਚ ਦੇਖਣ ਨੂੰ ਮਿਲ ਰਿਹਾ ਹੈ । ਇਸ ਦੇ ਨਾਲ ਹੀ ਤੀਸਰੇ ਦੌਰ ਦੀ ਗੱਲਬਾਤ ਦੀ ਅਸਫਲਤਾ ਤੋਂ ਬਾਅਦ ਯੂਨਾਈਟਿਡ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਬੈਠਣ ਦਾ ਫੈਸਲਾ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਨਾਭਾ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਬੰਦ ਦਾ ਸਮਰਥਨ ਦਿੱਤਾ ਗਿਆ। ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਬਜਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਕਿਸਾਨਾਂ ਦੇ ਤਸ਼ੱਦਦ ਢਾਅ ਰਹੀ ਹੈ, ਇਹ ਸਾਨੂੰ ਬਿਲਕੁਲ ਬਰਦਾਸ਼ਤ ਨਹੀਂ।
ਉਥੇ ਹੀ ਬਰਨਾਲਾ ਜ਼ਿਲ੍ਹੇ ਵਿੱਚ ਭਾਰਤ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ। ਇਸ ਬੰਦ ਦੇ ਸੱਦੇ ਨੂੰ ਸ਼ਹਿਰ ਦੇ ਵਪਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬਰਨਾਲਾ ਸਿਟੀ ਬੱਸ ਸਟੈਂਡ, ਸਬਜ਼ੀ ਮੰਡੀ, ਦਾਣਾ ਮੰਡੀ, ਆਈਲੈਟਸ ਮਾਰਕੀਟ, ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ, ਹੰਢਿਆਇਆ ਬਾਜ਼ਾਰ, ਕੱਚਾ ਕਾਲਜ ਰੋਡ ਪੂਰੀ ਤਰ੍ਹਾਂ ਬੰਦ ਰਿਹਾ। ਕਿਸਾਨ ਜਥੇਬੰਦੀਆਂ ਵੱਖ-ਵੱਖ ਰਾਜ ਤੇ ਕੌਮੀ ਮਾਰਗਾਂ ’ਤੇ ਧਰਨੇ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨਗੀਆਂ।
ਇਸੇ ਤਰ੍ਹਾਂ ਬਨੂੜ, ਲੁਧਿਆਣਾ, ਜਲੰਧਰ, ਫਰੀਦਕੋਟ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਭਾਰਤ ਬੰਦ ਦਾ ਅਸਰ ਹੈ। ਇੱਥੇ ਦੁਕਾਨਦਾਰ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੇ ਹਨ। ਦੁਕਾਨਦਾਰਾਂ ਨੇ ਆਪ ਮੁਹਾਰੇ ਦੁਕਾਨਾਂ ਬੰਦ ਕੀਤੀਆਂ ਹਨ।