ਗੁਰਦੁਆਰਾ ਸਾਹਿਬ ਅੰਦਰ ਵਿਆਹ ਸਮਾਗਮ ਦੌਰਾਨ ਲਾਏ ਪੰਡਾਲ ‘ਚ ਨਾਚ ਪ੍ਰੋਗਰਾਮ ਕਰਵਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

TeamGlobalPunjab
2 Min Read

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਪੜ ਦੇ ਪਿੰਡ ਰੋਡ ਮਾਜਰਾ ਵਿਚ ਗੁਰਦੁਆਰਾ ਸਾਹਿਬ ਵਿਖੇ ਇਕ ਵਿਆਹ ਸਮਾਗਮ ਦੌਰਾਨ ਸਿੱਖ ਮਰਯਾਦਾ ਦੀ ਉਲੰਘਣਾ ਕਰਕੇ ਨਚਾਏ ਗਏ ਨਾਚ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਸਬੰਧੀ ਕਾਰਵਾਈ ਕਰਨ ਲਈ ਅਪੀਲ ਕੀਤੀ ਜਾਵੇਗੀ ਅਤੇ ਐਸਐਸਪੀ ਰੋਪੜ ਨੂੰ ਵੀ ਦਰਖ਼ਾਸਤ ਦੇ ਕੇ ਸਖ਼ਤ ਕਾਰਵਾਈ ਮੰਗੀ ਜਾਵੇਗੀ, ਤਾਂ ਜੋ ਅੱਗੇ ਤੋਂ ਕੋਈ ਗੁਰੂ ਘਰ ਦੀ ਮਰਯਾਦਾ ਦੀ ਤੌਹੀਨ ਨਾ ਕਰੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਦੇ ਸਬੰਧਤ ਪਿੰਡ ਵਿਚ ਗੁਰਦੁਆਰਾ ਸਾਹਿਬ ਵਿਚ ਲਗਾਏ ਪੰਡਾਲ ਅੰਦਰ ਨਾਚ ਨਚਾ ਕੇ ਗੁਰੂ ਘਰ ਦੇ ਸਤਿਕਾਰ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਵੀਡੀਓ ਸੰਗਤ ਨੇ ਉਨ੍ਹਾਂ ਪਾਸ ਭੇਜੀਆਂ ਹਨ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਰੋਪੜ ਦੇ ਪੁਲਿਸ ਪ੍ਰਸ਼ਾਸਨ ਨੂੰ ਲਿਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਕਾਰਵਾਈ ਲਈ ਬੇਨਤੀ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖੀ ਪ੍ਰਚਾਰ ਦੇ ਕੇਂਦਰ ਗੁਰਦੁਆਰਾ ਸਾਹਿਬ ਵਿਚ ਅਜਿਹੀ ਮਨਮਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਬਾਬਾ ਗਾਜੀਦਾਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਇਹ ਹਰਕਤ ਕਰਵਾਈ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

Share this Article
Leave a comment