ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ।
ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।