ਬੀਬੀ ਜਗੀਰ ਕੌਰ ਨੇ ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮਨਾਉਣ ਮੌਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ : ਐਡਵੋਕੇਟ ਧਾਮੀ

Rajneet Kaur
3 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਿਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ‘ਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।  ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਵਿੱਚੋਂ ਲੰਘ ਰਹੀ ਹੈ, ਜਦਜੋਂਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ। ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤ ਭੁੱਲ ਰਹੇ ਹਨ। ਜੇਕਰ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਦੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਬੀਬੀ ਜਗੀਰ ਕੌਰ ਮੰਚ ਦੇਣਾ ਚਾਹੁੰਦੇ ਹਨ ਤਾਂ ਇਸ ਦਾ ਸਿੱਧਾ ਅਰਥ ਇਹ ਹੈ ਕਿ ਉਹ ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ-ਸੰਭਾਲ ਹਮੇਸ਼ਾ ਹੀ ਪੰਥ ਹਤੈਸ਼ੀ ਲੋਕਾਂ ਦੇ ਹੱਥਾਂ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਥਕ ਸੋਚ ਵਾਲੇ ਲੋਕ ਹੀ ਸੰਗਤਾਂ ਵੱਲੋਂ ਚੁਣੇ ਜਾਣਗੇ। ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਅਜਿਹਾ ਕਰਨ ਵਾਲਿਆਂ ਨੂੰ ਕਦੇ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment