ਚੰਡੀਗੜ੍ਹ: ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪਿਕਅੱਪ ਟਰੱਕ ਦੀ ਇੱਕ ਕੈਂਟਰ ਨਾਲ ਟੱਕਰ ਹੋ ਗਈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਸਿਲ ਜਾਣਕਾਰੀ ਅਨੁਸਾਰ ਪਿਕਅੱਪ ਵਿੱਚ ਸਵਾਰ ਵਿਅਕਤੀ ਵੇਟਰ ਦੱਸੇ ਜਾਂਦੇ ਹਨ ਅਤੇ ਕਿਸੇ ਵਿਆਹ ਸਮਾਗਮ ਵਿੱਚ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਤਾਂ ਦੀ ਗਿਣਤੀ ਵੀ ਵਧ ਸਕਦੀ ਹੈ। ਜਾਣਕਾਰੀ ਅਨੁਸਾਰ 25 ਤੋਂ 30 ਦੇ ਕਰੀਬ ਵੇਟਰ ਕਿਸੇ ਪ੍ਰੋਗਰਾਮ ਲਈ ਪਿਕਅੱਪ ਵਿੱਚ ਗੁਰੂਹਰਸਹਾਏ ਤੋਂ ਜਲਾਲਾਬਾਦ ਵੱਲ ਜਾ ਰਹੇ ਸਨ। ਪਰ ਫ਼ਿਰੋਜ਼ਪੁਰ ਰੋਡ ‘ਤੇ ਗੋਲੂ ਕਾ ਮੋੜ ਨੇੜੇ ਉਹ ਸੜਕ ਦੇ ਵਿਚਕਾਰ ਖੜ੍ਹੇ ਇੱਕ ਟੁੱਟੇ ਕੈਂਟਰ ਨਾਲ ਟਕਰਾ ਗਿਆ। ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ।
ਹਾਦਸੇ ‘ਚ ਜ਼ਖਮੀ ਹੋਏ 18 ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ। ਇਨ੍ਹਾਂ ਵਿੱਚੋਂ ਛੇ ਜ਼ਖ਼ਮੀਆਂ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਧੁੰਦ ਅਤੇ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ।
ਫ਼ਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ ‘ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।