ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 52 ਪੁਲਿਸ ਅਧਿਕਾਰੀ ਬਰਖ਼ਾਸਤ

Global Team
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਿਲ 52 ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ 52 ਪੁਲਿਸ ਮੁਲਾਜ਼ਮਾਂ ਵਿੱਚ ਇੱਕ ਇੰਸਪੈਕਟਰ, ਪੰਜ ਏਐਸਆਈ, ਚਾਰ ਹੈੱਡ ਕਾਂਸਟੇਬਲ ਅਤੇ 42 ਕਾਂਸਟੇਬਲ ਸ਼ਾਮਿਲ ਹਨ। ਡੀਜੀਪੀ ਗੌਰਵ ਯਾਦਵ ਨੇ ਗੱਲਬਾਤ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ।

ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨੇ ਇਨ੍ਹਾਂ ਬਰਖ਼ਾਸਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਰਿਪੋਰਟਾਂ ਦਿੱਤੀਆਂ ਸਨ। ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਦੇ ਖਿਲਾਫ ਲੰਬੇ ਸਮੇਂ ਤੋਂ ਵਿਭਾਗੀ ਜਾਂਚ ਚੱਲ ਰਹੀ ਸੀ। ਡੀਜੀਪੀ ਨੇ ਦੱਸਿਆ ਕਿ ਬਰਖ਼ਾਸਤ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਸਭ ਤੋਂ ਵੱਧ ਪੰਜ ਪਟਿਆਲਾ, ਦੋ-ਦੋ ਅੰਮ੍ਰਿਤਸਰ-ਜਲੰਧਰ ਪੁਲਿਸ ਕਮਿਸ਼ਨਰੇਟ ਅਤੇ ਜਲੰਧਰ ਦਿਹਾਤੀ, ਚਾਰ-ਚਾਰ ਲੁਧਿਆਣਾ ਕਮਿਸ਼ਨਰੇਟ, ਕਪੂਰਥਲਾ,  ਹੁਸ਼ਿਆਰਪੁਰ, ਫਰੀਦਕੋਟ ਅਤੇ ਲੁਧਿਆਣਾ ਦਿਹਾਤੀ ਤੋਂ ਤਿੰਨ-ਤਿੰਨ, ਬਟਾਲਾ, ਫਾਜ਼ਿਲਕਾ ਅਤੇ ਬਠਿੰਡਾ ਤੋਂ ਦੋ-ਦੋ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਗੁਰਦਾਸਪੁਰ, ਖੰਨਾ, ਮਾਨਸਾ, ਮਲੇਰਕੋਟਲਾ, ਪਠਾਨਕੋਟ ਅਤੇ ਰੂਪਨਗਰ ਤੋਂ ਇੱਕ-ਇੱਕ ਪੁਲਿਸ ਮੁਲਾਜ਼ਮ ਸ਼ਾਮਿਲ ਹਨ।

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਤਿੰਨ ਦਿਨਾਂ ਵਿੱਚ ਇਹ ਦੂਜੀ ਵੱਡੀ ਕਾਰਵਾਈ ਹੈ। ਪਿਛਲੇ ਸੋਮਵਾਰ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਆਈਪੀਐਸ ਵਰਿੰਦਰ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਮੁਕਤਸਰ ਦੇ ਡੀਸੀ ਨੂੰ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਸੀਐਮ ਮਾਨ ਵੱਲੋਂ 13 ਫਰਵਰੀ ਨੂੰ ਜਾਰੀ ਕੀਤੇ ਗਏ ਵਿਭਾਗੀ ਹੁਕਮਾਂ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment