ਗੈਂਗਸਟਰ ਲਖਬੀਰ ਲੰਡਾ ਖਿਲਾਫ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, 297 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਸ਼ੁਰੂ ਕੀਤੀ।  ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਅਨੁਸਾਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਲਖਬੀਰ ਸਿੰਘ ਉਰਫ ਲੰਡਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਸਾਰੇ ਰਿਹਾਇਸ਼ੀ ਅਤੇ ਹੋਰ ਅਹਾਤਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ।ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਲਖਬੀਰ ਲੰਡਾ ਦੇ ਘੱਟੋ-ਘੱਟ 297 ਨੇੜਲੇ ਸਾਥੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀ.ਪੀਜ਼ ਐੱਸ.ਐੱਸ.ਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ 150 ਪਾਰਟੀਆਂ, ਜਿਨ੍ਹਾਂ ਵਿੱਚ ਘੱਟੋ-ਘੱਟ 1200 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ ਇਹ ਛਾਪੇ ਮਾਰੇ ਗਏ। ਉਨ੍ਹਾਂ ਅੱਗੇ ਕਿਹਾ ਕਿ CASO ਦੀ ਯੋਜਨਾ ਲਖਬੀਰ ਲੰਡਾ ਦੀ ਹਮਾਇਤ ਵਾਲੇ ਹਾਲ ਹੀ ਵਿੱਚ ਫੜੇ ਗਏ ਮਾਡਿਊਲਾਂ ਵਿੱਚ ਕਈ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਸੀ।

ਸਪੈਸ਼ਲ ਡੀਜੀਪੀ ਨੇ ਇਹ ਵੀ ਕਿਹਾ, ਇਸ ਆਪਰੇਸ਼ਨ ਦੇ ਤਹਿਤ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment