ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਪਿਆ ਵੱਡਾ ਘਾਟਾ, ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

TeamGlobalPunjab
2 Min Read

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਦੱਸ ਦਈਏ ਕਿ ਹਰਮਨਜੀਤ ਸਿੰਘ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕੀ ਮੰਨੇ ਜਾਂਦੇ ਹਨ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਜਾਏ ਪਾਰਟੀ ਦੇ ਮੁੱਖੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜਿਆ ਹੈ। ਹਰਮਨਜੀਤ ਸਿੰਘ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਦੀ ਦਿੱਲੀ ਇਕਾਈ ‘ਚ ਹਲਚਲ ਮਚ ਗਈ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾ ਵੀ ਤੇਜ ਹੋ ਗਈਆਂ ਹਨ।

ਹਰਮਨਜੀਤ ਸਿੰਘ 1968 ‘ਚ  ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸਨ। ਉਹ ਪਾਰਟੀ ਦੇ ਕੌਮੀ ਸੀਨੀਅਰ ਪ੍ਰਧਾਨ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ। ਆਪਣੇ ਅਸਤੀਫੇ ‘ਚ ਉਨ੍ਹਾਂ ਨੇ ਦਿੱਲੀ ਦੀ ਲੀਡਰਸ਼ਿਪ ਦੀ ਕਾਰਜਸ਼ੈਲੀ ਨੂੰ ਲੈ ਕੇ ਕਾਫੀ ਨਾਰਾਜ਼ਗੀ ਜਤਾਈ ਹੈ। ਅਸਤੀਫੇ ‘ਚ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਪ੍ਰਦੇਸ਼ ਅਕਾਲੀ ਦਲ ਦੇ ਪ੍ਰਧਾਨ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਪਿਛਲੇ ਦੋ ਸਾਲਾਂ ਤੋਂ ਕਾਫੀ ਉੱਥਲ ਪੁੱਥਲ ਦੇਖਣ ਨੂੰ ਮਿਲ ਰਹੀ ਹੈ। ਜਿਸ ਦੌਰਾਨ ਪਾਰਟੀ ਦੇ ਕਈ ਸੀਨੀਅਰ ਨੇਤਾ ਅਕਾਲੀ ਦਲ ਦਾ ਸਾਥ ਛੱਡ ਚੁੱਕੇ ਹਨ। ਉਦਾਹਰਨ ਵਜੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਸਮੇਤ ਕਈ ਉੱਘੇ ਨੇਤਾ ਅਕਾਲੀ ਦਲ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਹਨ।

Share this Article
Leave a comment