ਸ਼੍ਰੋਮਣੀ ਅਕਾਲੀ ਦਲ ਦਾ ਪ੍ਰੈੱਸ ਕਾਨਫਰੰਸ ਬਹਾਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਾਂਗਰਸ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਚੰਦੂਮਾਜਰਾ ਨੇ ਇਲਜਾਮ ਲਗਾਇਆ ਕਿ ਬਾਦਲ ਪਰਿਵਾਰ ਨੂੰ ਕਾਂਗਰਸ ਹਾਈਕਮਾਨ ਦੇ ਇਸ਼ਾਰੇ ‘ਤੇ ਸਿਆਸੀ ਸਾਜਿਸ਼ ਦੇ ਤਹਿਤ ਉਲਝਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ‘ਸਿੱਟ’ ਨੂੰ ਇੱਕ ਸਿਆਸੀ ਹਥਿਆਰ ਦੀ ਤਰ੍ਹਾਂ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਲੋਕਾਂ ਦਾ ਧਿਆਨ ਵੰਡਣ ਵਾਸਤੇ ਅਜਿਹੇ ਹੱਥਕੰਡੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ੁਰੂ ਤੋਂ ਹੀ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਦੇ ਆ ਰਹੇ ਹਨ।
ਚੰਦੂਮਾਜਰਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਗਾਂਧੀ ਪਰਿਵਾਰ ਦੇ ਇਸ਼ਾਰੇ ‘ਤੇ ਬਾਦਲ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਲੰਮੇ ਹੱਥੀਂ ਲੈਂਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਜਦੋਂ ਕੇਸ ਦੀ ਜਾਂਚ ਦਾ ਕੰਮ ਅਦਾਲਤ ਦੀ ਨਿਗਰਾਨੀ ਹੇਠ ਹੋ ਰਿਹਾ ਹੈ ਤਾਂ ਜਾਖੜ ਕਿਸ ਤਰ੍ਹਾਂ ਕਹਿ ਰਹੇ ਹਨ ਕਿ ਬਾਦਲਾਂ ਨੂੰ ਜੇਲ੍ਹ ਜਾਣਾ ਪਵੇਗਾ, ਇਸ ਤੋਂ ਸਾਫ਼ ਹੈ ਕਿ ਉਹ ਰਾਹੁਲ ਗਾਂਧੀ ਦੇ ਇਸ਼ਾਰੇ ਤੇ ਬਾਦਲ ਪਰਿਵਾਰ ਨੂੰ ਉਲਝਾਉਣ ਅਤੇ ਬਦਨਾਮ ਕਰਨ ਲਈ ਸਾਜ਼ਿਸ਼ ਰਚ ਚੁੱਕੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਝੂਠੀਆਂ ਕਸਮਾਂ ਖਾ ਕੇ ਲੋਕਾਂ ਨੂੰ ਭਾਵਨਾਤਮਕ ਤੌਰ ‘ਤੇ ਬਲੈਕਮੇਲ ਕੀਤਾ, ਹੁਣ ਸੱਚਾਈ ਸਭ ਦੇ ਸਾਹਮਣੇ ਆ ਚੁੱਕੀ ਹੈ।
ਡਾ਼. ਦਲਜੀਤ ਸਿੰਘ ਚੀਮਾ ਨੇ ਕਿਹਾ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਸਿੱਟ’ ਨੂੰ ਪੂਰਾ ਸਹਿਯੋਗ ਕਰਕੇ ਆਏ ਹਨ। ਜਿਸ ਤੋਂ ਸਾਫ਼ ਹੈ ਕਿ ਅਕਾਲੀ ਦਲ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦਾ ਹੈ । ਚੀਮਾ ਨੇ ਵੀ ਇਲਜ਼ਾਮ ਲਗਾਇਆ ਕਿ ਕਾਂਗਰਸ ਹਾਈਕਮਾਨ ਦੇ ਇਸ਼ਾਰੇ ਤੇ ਹੀ ਸਾਰੀ ਸਾਜ਼ਿਸ਼ ਰਚੀ ਜਾ ਰਹੀ ਹੈ ਤਾਂ ਜ਼ੋ ਕਿਸੇ ਬਹਾਨੇ ਸਿਆਸੀ ਤੌਰ ਤੇ ਬਾਦਲ ਪਰਿਵਾਰ ਨੂੰ ਢਾਹ ਲਗਾਈ ਜਾਵੇ, ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾ ਸਕੇ।
ਪ੍ਰੈਸ ਕਾਨਫਰੰਸ ਨੂੰ ਸੀਨੀਅਰ ਅਕਾਲੀ ਆਗੂਆਂ ਬਲਦੇਵ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੰਬੋਧਤ ਕੀਤਾ।