ਪਟਿਆਲਾ/ ਚੰਡੀਗੜ੍ਹ : ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਪਰਗਟ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਲਗਾਏ ਗਏ ਇਲਜਾਮਾਂ ਤੋਂ ਬਾਅਦ ਮੁੱਖ ਮੰਤਰੀ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਨੇ ਪਰਗਟ ਸਿੰਘ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਡਰਾਉਣ ਧਮਕਾਉਣ ਲਈ ‘ਡੋਜੀਅਰ’ ਬਣਾਏ ਜਾਣ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
ਮੁੱਖ ਮੰਤਰੀ ਦੇ ਮੀਡੀਆ ਐਡਵਾਇਜਰ ਰਵੀਨ ਠੁਕਰਾਲ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵਿਧਾਇਕ ਪਰਗਟ ਸਿੰਘ ਦੇ ਪਾਰਟੀ ਸਹਿਯੋਗੀਆਂ ਦੀਆਂ ‘ਵਿਸ਼ੇਸ਼ ਫਾਇਲਾਂ’ ਰੱਖਣ ਦੇ ਦੋਸ਼ਾਂ ਨੂੰ ਨਕਾਰਿਆ ਹੈ। ਮੁੱਖ ਮੰਤਰੀ ਵੱਲੋਂ ਕਿਹਾ ਗਿਆ ਹੈ ਕਿ, “ਮੈਂ ਆਪਣੇ ਪੂਰੇ ਰਾਜਨੀਤਿਕ ਕੈਰੀਅਰ ਵਿਚ ਇਸ ਤਰ੍ਹਾਂ ਦੀਆਂ ਚੀਜ਼ਾਂ ਕਦੇ ਨਹੀਂ ਕੀਤੀਆਂ। ਸ਼ਾਸਨ ਲਈ ਮੇਰਾ ਮੰਤਰ ਵਿਸ਼ਵਾਸ ਅਤੇ ਪਾਰਦਰਸ਼ਤਾ ਹੈ।”
Punjab CM @capt_amarinder trashes allegations of MLA Pargat Singh on keeping “dossiers” of party colleagues. Says, “never done such things in my entire political career. My mantra for governance is trust and transparency”. pic.twitter.com/lfQacKb9Mb
— Raveen Thukral (@Raveen64) June 10, 2021
ਜ਼ਿਕਰਯੋਗ ਹੈ ਕਿ ਵਿਧਾਇਕ ਪਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਨੁਕਤਾਚੀਨੀ ਕੀਤੀ ਸੀ। ਪਰਗਟ ਸਿੰਘ ਨੇ ਇਲਜ਼ਾਮ ਲਗਾਇਆ ਸੀ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਡਰਾਉਣ ਲਈ ਕਈ ਤਰ੍ਹਾਂ ਦੇ ਹਥਕੰਡੇ ਅਪਣਾਏ ਜਾ ਰਹੇ ਹਨ।