ਚੰਡੀਗੜ੍ਹ : ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਕੀਤੇ ਜਾਣ ਤੋਂ ਬਾਅਦ ਹਰ ਪਾਸੇ ਇਸ ਦਾ ਸਵਾਗਤ ਕੀਤਾ ਗਿਆ ਹੈ।
ਪੀ.ਐਮ. ਦੇ ਐਲਾਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਕੈਪਟਨ ਵੱਲੋਂ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ।
ਕੈਪਟਨ ਨੇ ਆਪਣੇ ਟਵੀਟ ਵਿੱਚ ਲਿਖਿਆ, “ਸ਼ਾਨਦਾਰ ਖ਼ਬਰ! ਗੁਰੂਨਾਨਕ ਜਯੰਤੀ ਦੇ ਪਵਿੱਤਰ ਮੌਕੇ ‘ਤੇ ਹਰ ਪੰਜਾਬੀ ਦੀਆਂ ਮੰਗਾਂ ਨੂੰ ਮੰਨਣ ਅਤੇ 3 ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ। ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਕਿਸਾਨੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ!”
‘#NoFarmers_NoFood @ਅਮਿਤਸ਼ਾਹ’
Great news! Thankful to PM @narendramodi ji for acceding to the demands of every punjabi & repealing the 3 black laws on the pious occasion of #GuruNanakJayanti. I am sure the central govt will continue to work in tandem for the development of Kisani! #NoFarmers_NoFood @AmitShah
— Capt.Amarinder Singh (@capt_amarinder) November 19, 2021
ਖਾਸ ਗੱਲ ਇਹ ਹੈ ਕਿ ਕੈਪਟਨ ਨੇ ਆਪਣੇ ਟਵੀਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਟੈਗ ਕੀਤਾ ਹੈ।
ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਇਹ ਤੈਅ ਹੈ ਕਿ ਪੰਜਾਬ ਦੀ ਸਿਆਸਤ ਦੀ ਤਸਵੀਰ ਹੁਣ ਬਦਲੇਗੀ। ਕੈਪਟਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਂਦੀ ਹੈ ਤਾਂ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨਾਲ ਗਠਜੋੜ ਕਰਨ ਤੋਂ ਪਿੱਛੇ ਨਹੀ ਹਟਣਗੇ।
ਹਾਲਾਂਕਿ ਭਾਜਪਾ ਵਲੋਂ ਆਪਣੇ ਬਲਬੂਤੇ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀ ਗੱਲ ਕਹੀ ਜਾ ਰਹੀ ਹੈ, ਪਰ ਹੁਣ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਹੋਣ ਦੀ ਪੂਰੀ ਸੰਭਾਵਨਾ ਬਣ ਗਈ ਹੈ ।
(ਵਿਵੇਕ ਸ਼ਰਮਾ)