ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ! ਕੱਲ ਪੂਰੇ ਪੰਜਾਬ ਵਿੱਚ ਬੰਦ ਰਹਿਣਗੀਆਂ ਬੱਸਾਂ

Global Team
3 Min Read

ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ ਅਤੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੂਰੇ ਪੰਜਾਬ ਦੇ ਵਿੱਚ ਲਗਭਗ 1700 ਬੱਸ ਅਤੇ ਸੰਗਰੂਰ ਜ਼ਿਲ੍ਹੇ ਦੇ ਵਿੱਚ 100 ਤੋਂ ਜ਼ਿਆਦਾ ਬੱਸ ਕੱਲ ਨੂੰ ਪੰਜਾਬ ਦੀਆਂ ਸੜਕਾਂ ਦੇ ਉੱਪਰ ਨਹੀਂ ਚੱਲੇਗੀ ।  ਕੱਚੇ ਮੁਲਾਜ਼ਮਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 24 ਸਤੰਬਰ ਨੂੰ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੇ ਨਾਲ ਸਾਡੀ ਮੀਟਿੰਗ ਹੋਈ ਸੀ ਜਿੱਥੇ ਸਾਡੀਆਂ ਸਾਰੀਆਂ ਮੰਗਾਂ ਮੰਨੀਆਂ ਗਈਆਂ ਸੀ ਅਤੇ ਲਿਖਤੀ ਦੇ ਵਿੱਚ ਸਾਨੂੰ ਭਰੋਸਾ ਦਿੱਤਾ ਗਿਆ ਸੀ।ਪਰ ਸਾਡੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਨਹੀਂ ਹੋਈਆਂ ਜਿਸ ਕਰਕੇ ਹੁਣ ਅਸੀਂ ਅਣਮਿੱਥੇ ਸਮੇਂ ਦੇ ਲਈ ਪੰਜਾਬ ਦੇ ਵਿੱਚ ਪੀਆਰਟੀਸੀ ਪਨ ਬਸਾਂ ਦੀ ਹੜਤਾਲ ਕਰ ਰਹੇ ਹਾਂ। ਸਾਨੂੰ ਮੀਟਿੰਗ ਦੇ ਲਈ ਬੁਲਾਵਾ ਆਇਆ ਸੀ ਪਰ ਅਸੀਂ ਸਾਫ ਜਵਾਬ ਦਿੱਤਾ। ਕਿ ਅਸੀਂ ਮੀਟਿੰਗ ਨਹੀਂ ਕਰਨੀ ਸਾਡੀਆਂ ਮੰਗਾਂ ਮੰਨੀਆਂ ਗਈਆਂ ਹਨ ਉਹਨਾਂ ਨੂੰ ਲਾਗੂ ਕਰੋ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸਿੰਗ ਪ੍ਰਥਾ ਖ਼ਤਮ ਕਰਨਾ ਅਤੇ ਠੇਕੇਦਾਰਾਂ ਤੇ ਵਿਚੋਲਿਆਂ ਦੀ ਭੂਮਿਕਾ ਨੂੰ ਖ਼ਤਮ ਕਰਨਾ ਸ਼ਾਮਲ ਹੈ। ਯੂਨੀਅਨ ਆਗੂ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਮੁਲਾਜ਼ਮਾਂ ਨੂੰ ਠੇਕੇਦਾਰਾਂ ਦੇ ਵਿਚੋਲਗੀ ਪ੍ਰਬੰਧ ਤੋਂ ਬਾਹਰ ਕੱਢ ਕੇ ਸਿੱਧੇ ਸਰਕਾਰ ਦੇ ਅਧੀਨ ਲਿਆਉਣ ਦੀ ਗੱਲ ਕਹੀ ਗਈ ਸੀ।

ਹਾਲਾਂਕਿ, ਯੂਨੀਅਨ ਦਾ ਦਾਅਵਾ ਹੈ ਕਿ ਇਸ ਸਬੰਧੀ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ ਇਸ ਬਾਰੇ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਉਨ੍ਹਾਂ ਨੂੰ ਸਿੱਧੇ ਟਰਾਂਸਪੋਰਟ ਵਿਭਾਗ ਦੇ ਅਧੀਨ ਲਿਆਂਦਾ ਜਾਵੇ। ਅਜਿਹੇ ਵਿੱਚ ਜੇਕਰ 21 ਅਕਤੂਬਰ ਤੋਂ ਹੜਤਾਲ ਸ਼ੁਰੂ ਹੁੰਦੀ ਹੈ ਤਾਂ ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਵਿਦਿਆਰਥੀਆਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment