ਚੰਡੀਗੜ੍ਹ : ਫਰੀਦਕੋਟ ਦੀ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਹੋਣ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਨਹੀਂ ਲਿਆਂਦਾ ਜਾ ਸਕੇਗਾ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਦੇ ਵਕੀਲਾਂ ਦੀ ਅਰਜ਼ੀ ‘ਤੇ ਫੈਸਲਾ ਸੁਣਾਉਂਦਿਆਂ ਕਿਹਾ ਕਿ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਵਿਸ਼ੇਸ਼ ਜਾਂਚ ਟੀਮ (SIT) ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਅਰਜ਼ੀ ਦੇ ਨਾਲ ਹੀ ਅਗਾਊਂ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।
ਦੱਸ ਦੇਈਏ ਕਿ ਸਾਲ 2015 ‘ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋ ਗਿਆ ਸੀ। ਜਿਸ ਦੀ ਐਫਆਈਆਰ ਨੰਬਰ-63 ਥਾਣਾ ਬਾਜਾਖਾਨਾ ਵਿੱਚ ਦਰਜ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਡੇਰਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਲਈ ਅਦਾਲਤ ਨੂੰ ਬੇਨਤੀ ਕੀਤੀ ਸੀ। ਇਸ ’ਤੇ ਫਰੀਦਕੋਟ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਮਿਸ ਤਰਜਨੀ ਨੇ ਹੁਕਮ ਜਾਰੀ ਕੀਤੇ ਸਨ। ਫਿਲਹਾਲ ਇਸ ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।