ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ ‘ਸਿੱਟ’ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਹੋਰਨਾਂ ਵੱਡੇ ਪੁਲਿਸ ਅਧਿਕਾਰੀਆਂ ਨੂੰ ਭਲਕੇ ਚੰਡੀਗੜ੍ਹ ਵਿੱਚ ਸਵੇਰੇ ਦਸ ਵਜੇ ਤਲਬ ਕਰ ਲਿਆ ਹੈ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 32 ਵਿਚਲੀ ਪੁਲਿਸ ਅਕੈਡਮੀ ਦੇ ਮੁੱਖ ਦਫ਼ਤਰ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਹੋਰਨਾਂ ਮੁਲਜ਼ਮ ਅਧਿਕਾਰੀਆਂ ਨੂੰ ਭਲਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ।
ਅਸਲ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸਰਕਾਰ ਵਿਰੋਧੀ ਧਿਰਾਂ, ਕਾਂਗਰਸ ਦੇ ਬਾਗੀ ਵਿਧਾਇਕਾਂ ਦਾ ਇਹ ਦਬਾਅ ਬਣਿਆ ਹੋਇਆ ਹੈ ਕਿ ‘ਕੋਟਕਪੂਰਾ ਗੋਲੀਕਾਂਡ’ ਮਾਮਲੇ ਦੀ ਜਾਂਚ ਜਲਦੀ ਮੁਕੰਮਲ ਕਰਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜਿਸ ਕਾਰਨ ‘ਨਵੀਂ ਸਿੱਟ’ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਇਸ ਮਾਮਲੇ ਨਾਲ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਵੀ ਜੁੜੀ ਹੋਈ ਹੈ ਕਿਉਂਕਿ ਸਬੰਧਤ ਪੁਲਿਸ ਅਧਿਕਾਰੀਆਂ ਦਾ ਵੀ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਹੱਥ ਦੱਸਿਆ ਜਾ ਰਿਹਾ ਹੈ।
ਦੂਜੇ ਪਾਸੇ ਇਨ੍ਹਾਂ ਮਾਮਲਿਆਂ ਦੀ ਮੁੱਖ ਵਜ੍ਹਾ ਸੀ ਬੇਅਦਬੀ ਮਾਮਲਾ। ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਕੌਣ ਹਨ ਅਤੇ ਦੋਸ਼ੀਆਂ ਨੂੰ ਬਚਾਇਆ ਕਿਸਨੇ ਸੀ, ਇਸ ਬਾਰੇ ਵੀ ਜਾਂਚ ਅਜੇ ਹੋਣੀ ਬਾਕੀ ਹੈ। ਜਿਸ ਕਾਰਨ ਸਿੱਖ ਕੌਮ ਇਹ ਮੰਗ ਕਰ ਰਹੀ ਹੈ ਕਿ ਬੇਅਦਬੀ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਵੀ ਕਟਹਿਰੇ ਵਿੱਚ ਖੜਾ ਕੀਤਾ ਜਾਵੇ । ਸੋ ਆਉਣ ਵਾਲੇ ਦਿਨ ਕਾਫੀ ਅਹਿਮ ਮੰਨੇ ਜਾ ਰਹੇ ਹਨ ਕਿਉਂਕਿ ਬਹਿਬਲ ਕਲਾਂ ਗੋਲੀਕਾਂਡ ਮਾਮਲਾ, ਕੋਟਕਪੂਰਾ ਗੋਲੀਕਾਂਡ ਮਾਮਲਾ ਅਤੇ ਬੇਅਦਬੀ ਮਾਮਲੇ ਦੇ ਜਲਦੀ ਤਣ ਪੱਤਣ ਲੱਗ ਜਾਣ ਦੀ ਸੰਭਾਵਨਾ ਬਣੀ ਹੋਈ ਹੈ।