BIG NEWS : ਪੰਜਾਬ ਸਰਕਾਰ ਵਲੋਂ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ ਕਰਨ ਦਾ ਐਲਾਨ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਸੂਬੇ ਵਿਚ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਟੌਤੀ ਨਾਲ ਪੂਰੇ ਉੱਤਰੀ ਭਾਰਤ ਵਿਚ ਪੈਟਰੋਲ ਪੰਜਾਬ ‘ਚ ਸਭ ਤੋਂ ਸਸਤਾ ਹੋਵੇਗਾ। ਨਵੀਆਂ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋਣਗੀਆਂ।

 

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ, ਉਦੋਂ ਤੋਂ ਲੈ ਕੇ ਹੁਣ ਤਕ ਉਨ੍ਹਾਂ ਨੇ ਅਜਿਹਾ ਵੱਡਾ ਫ਼ੈਸਲਾ ਲੈਂਦੇ ਹੋਏ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਅਜਿਹੀ ਕਟੌਤੀ 20 ਸਾਲਾਂ ਵਿਚ ਪਹਿਲੀ ਵਾਰ ਦੇਖੀ ਹੈ। ਉਨ੍ਹਾਂ ਕਿਹਾ ਕਿ ਕੀਮਤਾਂ ਘਟਾਏ ਜਾਣ ਨਾਲ ਸੂਬੇ ਦੀ ਇੰਡਸਟਰੀ, ਕਿਸਾਨਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਵਿਚ ਡੀਜ਼ਲ ਦਾ ਰੇਟ 61 ਰੁਪਏ ਤੋਂ 98.50 ਰੁਪਏ ਹੋ ਗਿਆ ਹੈ। ਇਸ ਤਰ੍ਹਾਂ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਗਈ ਹੈ ਜਿਹੜੀ ਪਹਿਲਾਂ ਕਦੇ ਨਹੀਂ ਹੋਈ। ਕੇਂਦਰ ਸਰਕਾਰ ਤੇ ਵਰ੍ਹਦਿਆਂ ਚੰਨੀ ਨੇ ਕਿਹਾ ਕਿ ਤੇਲ ਕੀਮਤਾਂ ਉਪਰ ਸਰਕਾਰ ਦਾ ਕੋਈ ਕੰਟਰੋਲ ਨਹੀਂ ਰਿਹਾ ਤੇ ਇਸ ਨੇ ਪੂਰੇ ਦੇਸ਼ ਦੀ ਜਨਤਾ ਨੂੰ ਲੁੱਟਿਆ। ਰੇਟ ਪਹਿਲਾਂ 30-30 ਰੁਪਏ ਵਧਾ ਕੇ 5 ਰੁਪਏ ਘਟਾ ਦਿੱਤੇ ਤੇ ਵਾਹ-ਵਾਹ ਖੱਟਣੀ ਚਾਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰੇਟ ਨਹੀਂ ਐਕਸਾਈਜ਼ ਡਿਊਟੀ ਘਟਾਈ ਹੈ।

ਇਸ ਦੌਰਾਨ ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ‘ਚ ਹੋਰ ਵੀ ਕਈ ਵੱਡੇ ਫ਼ੈਸਲੇ ਲਏ ਗਏ ਹਨ ਪਰ ਬਾਕੀਆਂ ਬਾਰੇ ਸੋਮਵਾਰ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿਚ ਦੱਸਿਆ ਜਾਵੇਗਾ।

Share This Article
Leave a Comment