ਮੁਹਾਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਗਠਜੋੜ ਦੀਆਂ ਕਿਆਸਅਰਾਈਆਂ ਤੇ ਵਿਰਾਮ ਲਗਾਉਂਦੇ ਹੋਏ ਵੱਡਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਪਣੇ ਬਲਬੂਤੇ ‘ਤੇ ਇਕੱਲਿਆਂ ਹੀ ਲੜੇਗੀ। ਇਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਜਿੱਤ ਦਰਜ ਕਰੇਗੀ।
ਢੀਂਡਸਾ ਨੇ ਇਹ ਗੱਲ ਸਪੱਸ਼ਟ ਕੀਤੀ ਕਿ ਉਨ੍ਹਾਂ ਨੇ ਸੱਤਾ ਦੇ ਲੋਭ ਕਾਰਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ ਨਹੀਂ ਕੀਤਾ, ਸਗੋਂ ਉਨ੍ਹਾਂ ਦਾ ਮੁੱਖ ਟੀਚਾ ਸਿੱਖ ਪੰਥ ਅਤੇ ਪੰਜਾਬ ਦੇ ਭਲੇ ਲਈ ਪੂਰਨ ਤੌਰ ‘ਤੇ ਕਾਰਜਸ਼ੀਲ ਰਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਪਰਿਵਾਰ ਦੇ ਕਬਜ਼ੇ ‘ਚੋਂ ਮੁਕਤ ਕਰਵਾਉਣਾ ਹੈ ਤਾਂ ਜੋ ਅਕਾਲੀ ਦਲ ਦੇ ਅਸਲ ਸਿਧਾਂਤਾਂ ਨੂੰ ਮੁੜ ਬਹਾਲ ਕੀਤਾ ਜਾ ਸਕੇ।
ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਇਕ ਵਿਸ਼ੇਸ਼ ਪਾਰਟੀ ਨਾਲ ਗਠਜੋੜ ਹੋਣ ਦੀ ਖ਼ਬਰ ਨੂੰ ਅਫ਼ਵਾਹ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਕਿਸੇ ਪਾਰਟੀ ਨਾਲ ਗਠਜੋੜ ਕਰਨ ਦੀ ਕੋਈ ਗੱਲ ਨਹੀਂ ਹੋਈ ਹੈ।