BIG NEWS : ਆਖਿਰ ਸੁਖਬੀਰ ਬਾਦਲ ਨੇ ਰੁੱਸੇ ਹੋਏ ਸਿਕੰਦਰ ਸਿੰਘ ਮਲੂਕਾ ਨੂੰ ਮਨਾ ਹੀ ਲਿਆ

TeamGlobalPunjab
3 Min Read

ਬਠਿੰਡਾ : ਪਿਛਲੇ 4-5 ਦਿਨਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨਾਰਾਜ਼ਗੀ ਦੂਰ ਕਰਨ ਵਿੱਚ ਕਾਮਯਾਬ ਰਹੇ।

 

      ਮਲੂਕਾ ਨੂੰ ਮਨਾਉਣ ਲਈ ਸੁਖਬੀਰ ਬਾਦਲ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ ਵਿਖੇ ਪੁੱਜੇ। ਬਾਦਲ ਨੇ ਸਿਕੰਦਰ ਸਿੰਘ ਮਲੂਕਾ ਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਬੰਦ ਕਮਰਾ ਮੀਟਿੰਗ ਕੀਤੀ। ਕਰੀਬ ਅੱਧਾ ਘੰਟਾ ਚੱਲੀ ਗੱਲਬਾਤ ਦਾ ਨਤੀਜਾ ਇਹ ਰਿਹਾ ਕਿ ਸਿਕੰਦਰ ਸਿੰਘ ਮਲੂਕਾ ਪਾਰਟੀ ਵਲੋਂ ਐਲਾਨੇ ਗਏ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਨ ਲਈ ਰਾਜ਼ੀ ਹੋ ਗਏ ਹਨ।

- Advertisement -

ਇਸ ਦੌਰਾਨ ਸੁਖਬੀਰ ਬਾਦਲ ਨੇ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਵੀ ਐਲਾਨ ਕਰ ਦਿੱਤਾ।

ਵੀਡਿਓ : ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ

ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਵੀ ਸਿਕੰਦਰ ਮਲੂਕਾ ਨੂੰ ਮਨਾਉਣ ਲਈ ਉਨ੍ਹਾਂ ਨਾਲ ਮੀਟਿੰਗ ਕਰ ਚੁੱਕੇ ਹਨ।

ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੇ ਚਾਹਵਾਨ ਸਨ ਪਰ ਅਕਾਲੀ ਦਲ ਨੇ ਉੱਥੋਂ ਜਗਮੀਤ ਸਿੰਘ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਮਲੂਕਾ ਇਸੇ ਗੱਲ ਤੋਂ ਨਾਰਾਜ਼ ਸਨ। ਮਲੂਕਾ ਦਾ ਕਹਿਣਾ ਸੀ ਕਿ ਉਹ ਪਿਛਲੇ ਇੱਕ ਸਾਲ ਤੋਂ ਮੌੜ ਮੰਡੀ ਹਲਕੇ ਵਿਚ ਕੰਮ ਕਰ ਰਹੇ ਹਨ, ਇਸ ਲਈ ਉਹ ਹੀ ਇਸ ਹਲਕੇ ਤੋਂ ਟਿਕਟ ਦੇ ਦਾਵੇਦਾਰ ਹਨ। ਹਲਾਂਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਮਪੁਰਾ ਫੂਲ ਹਲਕੇ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਸੀ ਪਰ ਹਲਕਾ ਬਦਲੇ ਜਾਣ ਤੋਂ ਨਾਰਾਜ਼ ਮਲੂਕਾ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ।

ਮਲੂਕਾ ਵੱਲੋਂ ਲਏ ਗਏ ਇਸ ਸਟੈਂਡ ਤੋਂ ਬਾਅਦ ਅਕਾਲੀ ਦਲ ਅੰਦਰ ਸਿਆਸੀ ਤੂਫ਼ਾਨ ਆ ਗਿਆ ਸੀ ਜਿਸ ਤੋਂ ਬਾਅਦ ਮਲੂਕਾ ਨੂੰ  ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਚੱਲ ਰਹੀਆਂ ਸਨ। ਇੱਥੋਂ ਤੱਕ ਕਿ ਮੌੜ ਮੰਡੀ ਤੋਂ ਐਲਾਨੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੇ ਵੀ ਮਲੂਕਾ ਦੀ ਨਾਰਾਜ਼ਗੀ ਦੂਰ ਕਰਨ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

- Advertisement -

ਫਿਲਹਾਲ ਸੁਖਬੀਰ ਬਾਦਲ ਵੱਲੋਂ ਮਨਾਏ ਜਾਣ ਤੋਂ ਬਾਅਦ ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਹੀ ਚੋਣ ਲੜਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਪਾਰਟੀ ਵਿੱਚ ਖੜਾ ਹੋਇਆ ਵੱਡਾ ਸੰਕਟ ਫ਼ਿਲਹਾਲ ਟਲ ਚੁੱਕਾ ਹੈ ।

Share this Article
Leave a comment