ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਕਹਿਣਾ ਹੈ ਕਿ ਦੇਸ਼ ਦੇ ਵਿੱਤ ਮੰਤਰਾਲੇ ਕੋਲ ਚੋਣਾਂ ਕਰਵਾਉਣ ਲਈ ਪੈਸੇ ਨਹੀਂ ਹਨ। ਪਾਕਿਸਤਾਨੀ ਮੀਡੀਆ ਮੁਤਾਬਕ ਖਵਾਜਾ ਆਸਿਫ ਨੇ ਅੰਤਰਰਾਸ਼ਟਰੀ ਮੀਡੀਆ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਇਹ ਗੱਲ ਕਹੀ। ਖਵਾਜਾ ਆਸਿਫ ਦਾ ਇਹ ਬਿਆਨ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਉਸ ਫੈਸਲੇ ਤੋਂ ਬਾਅਦ ਆਇਆ ਹੈ, ਜਿਸ ‘ਚ ਚੋਣ ਕਮਿਸ਼ਨ ਨੇ ਪਾਕਿਸਤਾਨੀ ਪੰਜਾਬ ‘ਚ ਹੋਣ ਵਾਲੀਆਂ ਸੂਬਾਈ ਚੋਣਾਂ ਨੂੰ ਮੁਲਤਵੀ ਕਰਨ ਦਾ ਹੁਕਮ ਦਿੱਤਾ ਹੈ। ਦੇਸ਼ ‘ਚ ਕਾਨੂੰਨ ਵਿਵਸਥਾ ਦੀ ਖਰਾਬ ਸਥਿਤੀ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਨੇ ਇਹ ਕਦਮ ਚੁੱਕਿਆ ਹੈ।
ਦੱਸ ਦੇਈਏ ਕਿ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੀਆਂ ਉਸ ਸਮੇਂ ਦੀਆਂ ਸਰਕਾਰਾਂ ਨੇ 14 ਅਤੇ 18 ਜਨਵਰੀ ਨੂੰ ਖੈਬਰ ਪਖਤੂਨਖਵਾ ਸੂਬਿਆਂ ਦੀਆਂ ਵਿਧਾਨ ਸਭਾਵਾਂ ਨੂੰ ਭੰਗ ਕਰ ਦਿੱਤਾ ਸੀ। ਇਸ ਤੋਂ ਬਾਅਦ 1 ਮਾਰਚ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵਿਧਾਨ ਸਭਾ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਦੋਵਾਂ ਰਾਜਾਂ ਵਿੱਚ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਇਸ ਤਹਿਤ ਪੰਜਾਬ ‘ਚ ਅਪ੍ਰੈਲ ‘ਚ ਅਤੇ ਖੈਬਰ ਪਖਤੂਨਖਵਾ ‘ਚ ਮਈ ‘ਚ ਚੋਣਾਂ ਹੋਣੀਆਂ ਸਨ ਪਰ ਹੁਣ ਚੋਣ ਕਮਿਸ਼ਨ ਨੇ ਚੋਣਾਂ ਅਕਤੂਬਰ ਤੱਕ ਮੁਲਤਵੀ ਕਰ ਦਿੱਤੀਆਂ ਹਨ।
ਖਵਾਜਾ ਆਸਿਫ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੀਟੀਆਈ ਮੁਖੀ ਇਮਰਾਨ ਖਾਨ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਇਮਰਾਨ ਨੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਵਧਾਇਆ ਅਤੇ ਬਾਅਦ ‘ਚ ਬਾਜਵਾ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਹੈ। ਖਵਾਜਾ ਆਸਿਫ਼ ਨੇ ਇਹ ਵੀ ਕਿਹਾ ਕਿ ਪੀਟੀਆਈ ਸਰਕਾਰਾਂ ਵੱਲੋਂ ਸੂਬਾਈ ਅਸੈਂਬਲੀ ਨੂੰ ਭੰਗ ਕਰਨਾ ਗੈਰ-ਸੰਵਿਧਾਨਕ ਸੀ ਪਰ ਉਸ ਨੂੰ ਸੰਵਿਧਾਨਕ ਤਰੀਕੇ ਨਾਲ ਸੱਤਾ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਉਹ ਭਰੋਸੇ ਦਾ ਵੋਟ ਗੁਆ ਬੈਠੇ ਅਤੇ ਹੁਣ ਉਹ ਅਦਾਲਤ ਵਿੱਚ ਪੇਸ਼ ਵੀ ਨਹੀਂ ਹੋ ਰਹੇ।