ਭਾਈ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ ਵੱਡੀ ਹਲਚਲ

Rajneet Kaur
5 Min Read

ਜਗਤਾਰ ਸਿੰਘ ਸਿੱਧੂ
ਮੈਨੇਜਿੰਗ ਐਡੀਟਰ

ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਵੱਡੀ ਹਲਚਲ ਹੋਈ ਹੈ। ਪੰਜਾਬ ਸਰਕਾਰ ਅਤੇ ਕੇਂਦਰ ਵੱਲੋਂ ਸਾਂਝੇ ਤੌਰ ’ਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਹਨ। ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਦੇ ਕਸਬਿਆਂ ਅਤੇ ਸ਼ਹਿਰਾਂ ਅੰਦਰ ਫਲੈਗ ਮਾਰਚ ਕੀਤੇ ਜਾ ਰਹੇ ਹਨ। ਪੰਜਾਬ ਦੇ ਅਹਿਮ ਠਿਕਾਣਿਆਂ ਉੱਪਰ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ। ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਪੰਜਾਬ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਦੀਆਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਹ ਰਿਪੋਰਟ ਲਿਖੇ ਜਾਣ ਤੱਕ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਲਿਸ ਨੇ ਪੁਸ਼ਟੀ ਨਹੀਂ ਕੀਤੀ ਹੈ ਅਤੇ ਪੁਲਿਸ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਦੇ ਚਾਰ ਸਮਰਥਕ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜੇ ਗਏ ਹਨ। ਇਨ੍ਹਾਂ ਵਿੱਚ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ, ਗੁਰਮੀਤ ਸਿੰਘ ਅਤੇ ਪ੍ਰਧਾਨਮੰਤਰੀ ਬਾਜੇਕੇ ਸ਼ਾਮਿਲ ਹਨ। ਅੱਜ ਉਸਦੇ ਨਾਲ ਰਹਿਣ ਵਾਲੇ ਚਾਚਾ ਹਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਕੇ ਅਸਾਮ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਗੈਰ ਕਾਨੂੰਨੀ ਢੰਗ ਨਾਲ ਹਥਿਆਰ ਰੱਖਣ ਦੇ ਨਵੇਂ ਕੇਸ ਵੀ ਦਰਜ ਕੀਤੇ ਗਏ ਹਨ। ਇਸ ਤੋਂ ਪਹਿਲਾਂ ਅਜਨਾਲਾ ਕਾਂਡ ਨੂੰ ਲੈ ਕੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਐਫ ਆਈ ਆਰ ਦਰਜ ਕੀਤੀ ਗਈ ਸੀ। ਪੁਲਿਸ ਵੱਲੋਂ ਦਿੱਤੀ ਗਈ ਨਵੀਂ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ’ਤੇ ਪਾਕਿਸਤਾਨ ਦੀਆਂ ਏਜੰਸੀਆਂ ਨਾਲ ਸਬੰਧ ਹੋਣ ਸਮੇਤ ਕਈ ਤਰਾਂ ਦੇ ਦੋਸ਼ ਨਵੇਂ ਲਗਾਏ ਗਏ ਹਨ। ਇਹ ਵੀ ਅਹਿਮ ਹੈ ਕਿ ਅਜਨਾਲਾ ਕਾਂਡ ਦੇ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮਾਨ ਸਰਕਾਰ ਨੂੰ ਵਿਰੋਧੀ ਧਿਰਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਹੋਈ ਕਾਰਵਾਈ ਨੂੰ ਲੈ ਕੇ ਕਾਂਗਰਸ ਪਾਰਟੀ ਅਤੇ ਭਾਜਪਾ ਵੱਲੋਂ ਸਿੱਧੇ ਤੌਰ ’ਤੇ ਹਮਾਇਤ ਕੀਤੀ ਜਾ ਰਹੀ ਹੈ। ਆਪ ਦਾ ਕਹਿਣਾ ਹੈ ਕਿ ਸਰਕਾਰ ਨੇ ਪੰਜਾਬ ਵਿੱਚ ਗੜਬੜ ਨੂੰ ਰੋਕਣ ਲਈ ਸਹੀ ਸਮੇਂ ਸਿਰ ਕਾਰਵਾਈ ਕੀਤੀ ਹੈ ਅਤੇ ਕੇਂਦਰ ਦਾ ਵੀ ਇਸ ਕਾਰਵਾਈ ਵਿੱਚ ਪੂਰਾ ਸਹਿਯੋਗ ਮਿਲਿਆ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸੰਵੇਦਨਸ਼ੀਲ ਮਾਮਲੇ ਉੱਪਰ ਸਥਿਤੀ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਸਰਕਾਰਾਂ ਸਿਆਸੀ ਮੰਤਵ ਲਈ ਦਹਿਸ਼ਤ ਦਾ ਮਾਹੌਲ ਪੈਦਾ ਨਾ ਕਰਨ। ਜਥੇਦਾਰ ਨੇ ਇਹ ਵੀ ਕਿਹਾ ਹੈ ਕਿ ਜਮਹੂਰੀ ਅਧਿਕਾਰਾਂ ਹੇਠ ਆਪਣੀ ਗੱਲ ਕਰਨ ਵਾਲੇ ਨੌਜਵਾਨਾਂ ਵਿਰੁੱਧ ਕਾਰਵਾਈ ਕਰਨ ਤੋਂ ਸਰਕਾਰਾਂ ਗੁਰੇਜ਼ ਕਰਨ। ਇਸੇ ਤਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਬੇਲੋੜੀ ਬੇਚੈਨੀ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕਿਸੇ ਨੌਜਵਾਨ ਵਿਰੁੱਧ ਕਾਰਵਾਈ ਕਰਨੀ ਹੈ ਤਾਂ ਕਾਨੂੰਨ ਮੁਤਾਬਕ ਕਰਨੀ ਚਾਹੀਦੀ ਹੈ ਪਰ ਪੂਰੇ ਪੰਜਾਬ ਨੂੰ ਇਸ ਤਰਾਂ ਪਰੇਸ਼ਾਨ ਨਹੀਂ ਕਰਨਾ ਚਾਹੀਦਾ। ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਉਸਦੇ ਸਮਰਥਕਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਪੁਲਿਸ ਅਜਿਹੇ ਦੋਸ਼ਾਂ ਨੂੰ ਪੂਰੀ ਤਰਾਂ ਰੱਦ ਕਰਦੀ ਹੈ। ਇਸੇ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਕੁੱਝ ਥਾਵਾਂ ’ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਰੋਸ ਧਰਨੇ ਵੀ ਦਿੱਤੇ ਜਾ ਰਹੇ ਹਨ।
ਵੱਡਾ ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਮੀਡੀਆ ਦੇ ਇੱਕ ਹਿੱਸੇ ਅਤੇ ਕੁੱਝ ਰਾਜਸੀ ਧਿਰਾਂ ਵੱਲੋਂ ਪੰਜਾਬ ਵਿੱਚ ਗੜਬੜ ਵਾਲੇ ਮਾਹੌਲ ਦੀ ਤਸਵੀਰ ਕਿਉਂ ਪੇਸ਼ ਕੀਤੀ ਜਾ ਰਹੀ ਹੈ ? ਇਸ ਵੇਲੇ ਬੇਸ਼ੱਕ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ ਪਰ ਪੰਜਾਬ ਦੀ ਸਥਿਤੀ ਪੂਰੀ ਤਰਾਂ ਸ਼ਾਂਤੀ ਵਾਲੀ ਹੈ। ਪੰਜਾਬ ਦੇ ਬੱਚੇ ਆਮ ਵਾਂਗ ਸਕੂਲਾਂ ਅਤੇ ਕਾਲਜਾਂ ’ਚ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਵਾਂਗ ਕੰਮ ਹੋ ਰਿਹਾ ਹੈ। ਕਾਰੋਬਾਰੀ ਆਪਣੇ ਕੰਮ ਧੰਦਿਆਂ ਵਿੱਚ ਲੱਗੋ ਹੋਏ ਹਨ। ਕਿਸਾਨ ਆਪਣੇ ਖੇਤਾਂ ਵਿੱਚ ਕੰਮ ਕਰ ਰਹੇ ਹਨ। ਫਿਰ ਸਰਕਾਰ ਸ਼ਾਂਤੀ ਬਣਾਈ ਰੱਖਣ ਦਾ ਸੁਨੇਹਾ ਕਿਹੜੀਆਂ ਧਿਰਾਂ ਲਈ ਦੇ ਰਹੀ ਹੈ। ਪੰਜਾਬ ਨੇ ਔਖੇ ਸਮੇਂ ਵਿੱਚ ਵੀ ਆਪਣੀ ਭਾਈਚਾਰਕ ਸਾਂਝ ਬਣਾ ਕੇ ਰੱਖੀ ਹੈ ਅਤੇ ਉਹ ਅੱਜ ਵੀ ਕਾਇਮ ਹੈ। ਫਿਰ ਪੰਜਾਬ ਦੀ ਵੱਖਰੀ ਤਸਵੀਰ ਪੇਸ਼ ਕਰਨ ਵਾਲਿਆਂ ਦਾ ਏਜੰਡਾ ਕੀ ਹੈ ?

Share this Article
Leave a comment