ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ, ਸੁਰੱਖਿਆ ਹਟਾਉਣ ਪਿੱਛੇ ‘ਆਪ’ ਸਰਕਾਰ ਦੀ ਖਤਰਨਾਕ ਸਾਜ਼ਿਸ਼ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਬਿਕਰਮ ਮਜੀਠੀਆ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਜੀਠੀਆ ‘ਤੇ ਡਰੱਗ ਦੇ ਝੂਠੇ ਦੋਸ਼ ਲਗਾਉਣ ਲਈ ਕੇਜਰੀਵਾਲ ਪਹਿਲਾਂ ਹੀ ਲਿਖਤੀ ਰੂਪ ‘ਚ ਮੁਆਫੀ ਮੰਗ ਚੁੱਕੇ ਹਨ। ਇਸ ਦੇ ਬਾਵਜੂਦ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਦੇ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਮਜੀਠੀਆ ‘ਤੇ ਨਸ਼ਿਆਂ ਦੇ ਝੂਠੇ ਦੋਸ਼ ਲਗਾਉਣ ਦੇ ਮਾਣਹਾਨੀ ਮਾਮਲੇ ‘ਚ ਅਦਾਲਤ ਤੋਂ ਲਿਖਤੀ ਰੂਪ ‘ਚ ਮੁਆਫੀ ਮੰਗ ਚੁੱਕੇ ਹਨ। ਇਸ ਦੇ ਬਾਵਜੂਦ ਹੁਣ ਉਸ ਨੂੰ ਮੁੜ ਫਸਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਮਜੀਠੀਆ ਦੀ ਸੁਰੱਖਿਆ ਹਟਾਉਣ ਨੂੰ ਮੇਰੀ ਹੱਤਿਆ ਦੀ ਅਸਫਲ ਕੋਸ਼ਿਸ਼ ਨਾਲ ਜੋੜਿਆ ਜਾਣਾ ਚਾਹੀਦਾ ਹੈ। ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਇਹ ਹਮਲਾ ਨਾਕਾਮ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ੍ਰੀ ਹਰਮਿੰਦਰ ਸਾਹਿਬ ’ਤੇ ਹੋਏ ਹਮਲੇ ਦੀ ਜਾਂਚ ਨੂੰ ਜਾਣਬੁੱਝ ਕੇ ਕਮਜ਼ੋਰ ਕੀਤਾ, ਜਿਸ ਕਾਰਨ ਮੁਲਜ਼ਮਾਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਗਈ ਹੈ।
ਸੁਖਬੀਰ ਬਾਦਲ ਨੇ ਇਹ ਵੀ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਖੁੱਲ੍ਹੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਇਸ ‘ਤੇ ਚੁੱਪ ਧਾਰੀ ਬੈਠੇ ਹਨ। ਸੁਖਬੀਰ ਬਾਦਲ ਨੇ ਸਪੱਸ਼ਟ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਜਾਂ ਅਕਾਲੀ ਦਲ ਦੇ ਕਿਸੇ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਡੀਜੀਪੀ ਜ਼ਿੰਮੇਵਾਰ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।