ਚੰਡੀਗੜ੍ਹ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਆਪਣੇ ਅਸਤੀਫ਼ੇ ਵਿੱਚ ਬੀਰ ਦਵਿੰਦਰ ਸਿੰਘ ਨੇ ਜਿੱਥੇ ਢੀਂਡਸਾ ਵੱਲੋਂ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝ ਪਾਉਣ ’ਤੇ ਸਵਾਲ ਚੁੱਕੇ ਹਨ, ਉੱਥੇ ਉਨ੍ਹਾਂ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪਹਿਲਾਂ ਤੋਂ ਹੀ ਬਾਦਲਾਂ ਨਾਲ ਮਿਲੇ ਹੋਣ ਦੇ ਇਲਜ਼ਾਮ ਵੀ ਲਗਾਏ ਹਨ।
ਇਹ ਵੀ ਦੱਸਣਯੋਗ ਹੈ ਕਿ ਬੀਰਦਵਿੰਦਰ ਸਿੰਘ ਨੂੰ 10 ਨਵੰਬਰ 2021 ਨੂੰ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਸ ਦੀਆਂ ਪਾਰਟੀ ਵਿਰੋਧੀ ਚੱਲ ਰਹੀਆਂ ਗਤੀਵਿਧੀਆਂ ਕਾਰਨ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਜਿਸ ਦਾ ਬਕਾਇਦਾ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪ੍ਰੈੱਸ ਨੋਟ ਵੀ ਜਾਰੀ ਕੀਤਾ ਗਿਆ ਸੀ । ਜਿਸ ਵਿੱਚ ਇਹ ਦੱਸਿਆ ਗਿਆ ਸੀ ਕਿ ਬੀਰਦਵਿੰਦਰ ਸਿੰਘ ਤੋਂ 17 ਨਵੰਬਰ ਤੱਕ ਜਵਾਬ ਮੰਗਿਆ ਗਿਆ ਹੈ। ਬੀਰਦਵਿੰਦਰ ਸਿੰਘ ਨੇ ਜਵਾਬ ਦੇਣ ਦੀ ਥਾਂ ਤੇ ਹੁਣ ਇਕ ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਅਲਵਿਦਾ ਕਹਿ ਦਿੱਤਾ ਹੈ।