ਨਵੀ ਦਿੱਲੀ : ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪੀਐਮ ਨਰਿੰਦਰ ਮੋਦੀ ਨੂੰ ਅੱਤਵਾਦੀ ਕਹੇ ਜਾਣ ‘ਤੇ ਭਾਜਪਾ ਨੇ ਚੋਣ ਕਮਿਸ਼ਨ ਨੂੰ ਖੜਗੇ ਦੀ ਸ਼ਿਕਾਇਤ ਕੀਤੀ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਅਤੇ ਨਿਰਮਲਾ ਸੀਤਾਰਮਣ ਦੀ ਅਗਵਾਈ ਵਿੱਚ ਭਾਜਪਾ ਦਾ ਇੱਕ ਉੱਚ-ਪੱਧਰੀ ਵਫ਼ਦ ਅੱਜ ਚੋਣ ਕਮਿਸ਼ਨ ਨੂੰ ਮਿਲਿਆ।
ਵਫ਼ਦ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਭਾਜਪਾ ਆਗੂਆਂ ਨੇ ਇਸ ਨੂੰ ਗੰਭੀਰ ਅਤੇ ਨਿੰਦਣਯੋਗ ਮਾਮਲਾ ਦੱਸਦਿਆਂ ਚੋਣ ਕਮਿਸ਼ਨ ਤੋਂ ਦਖ਼ਲ ਦੇਣ ਦੀ ਮੰਗ ਕੀਤੀ।
ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਖੜਗੇ ਦੇ ਬਿਆਨ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਕਾਂਗਰਸ ਨੂੰ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਗੱਲ ਸੁਣੀ ਹੈ ਅਤੇ ਉਚਿਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਰਿਜੀਜੂ ਨੇ ਕਿਹਾ ਕਿ ਮੋਦੀ ਨੂੰ ਅੱਤਵਾਦੀ ਕਿਹਾ ਗਿਆ ਹੈ, ਪਰ ਅਸੀਂ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਹੀ ਸਾਰੇ ਅੱਤਵਾਦੀਆਂ ਨੂੰ ਖ਼ਤਮ ਕਰਾਂਗੇ। ਕਾਂਗਰਸ ਨੂੰ ਦੇਸ਼ ਦੀ ਜਨਤਾ ਸਬਕ ਸਿਖਾਏਗੀ।
ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਵਫ਼ਦ ਦੁੱਖ ਅਤੇ ਰੋਸ ਦੇ ਨਾਲ ਕਮਿਸ਼ਨ ਦੇ ਕੋਲ ਪੁੱਜਿਆ । ਰਿਜੀਜੂ ਨੇ ਦੋਸ਼ ਲਾਇਆ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅੱਤਵਾਦੀ ਕਹਿਣਾ ਸਿਰਫ਼ ਪ੍ਰਧਾਨ ਮੰਤਰੀ ਦਾ ਹੀ ਨਹੀਂ, ਸਗੋਂ ਪੂਰੇ ਦੇਸ਼ ਦਾ ਅਪਮਾਨ ਹੈ।
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਭਾਜਪਾ ਵਫ਼ਦ ਨੇ ਕਮਿਸ਼ਨ ਦੇ ਸਾਹਮਣੇ ਇਹ ਮੁੱਦਾ ਉਠਾਇਆ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਰਗੇ ਸੀਨੀਅਰ ਅਹੁਦੇ ‘ਤੇ ਬੈਠੇ ਵਿਅਕਤੀ ਨੇ ਬੇਹੱਦ ਨਿੰਦਣਯੋਗ ਸ਼ਬਦਾਂ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਿਆਨ ਕਿਸੇ ਨਿੱਜੀ ਗੱਲਬਾਤ ਵਿੱਚ ਨਹੀਂ, ਸਗੋਂ ਚੋਣਾਂ ਵਾਲੇ ਸੂਬੇ ਚੇਨਈ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤਾ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਨੂੰ ਅੱਤਵਾਦੀ ਕਿਹਾ ਗਿਆ।
ਨਿਰਮਲਾ ਸੀਤਾਰਮਣ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨਾ ਇੱਕ ਪੈਟਰਨ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵਾਰ-ਵਾਰ ਇਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰਦੀ ਹੈ ਅਤੇ ਉਸ ਦੇ ਵਿਵਹਾਰ ਵਿੱਚ ਕੋਈ ਬਦਲਾਅ ਜਾਂ ਸੁਧਾਰ ਨਹੀਂ ਆਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

