ਚੰਡੀਗੜ੍ਹ: ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਲੀ ਸ਼ਰਾਬ ਘੁਟਾਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ ਹਿਰਾਸਤ ਵਿਚ ਹੁੰਦਿਆਂ ਮੁੱਖ ਮੰਤਰੀ ਵਜੋਂ ਜਾਰੀ ਕੀਤੇ ਹੁਕਮਾਂ ਦੇ ਮਾਮਲੇ ਦੀ ਉਪ ਰਾਜਪਾਲ (ਐਲ ਜੀ) ਨੂੰ ਸ਼ਿਕਾਇਤ ਕਰਦਿਆਂ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਸ ਮਾਮਲੇ ਵਿਚ ਐਫ ਆਈ ਆਰ ਦਰਜ ਕਰ ਕੇ ਕੇਜਰੀਵਾਲ ਦੇ ਸਬੰਧਤ ਲੋਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਦਿੱਲੀ ਦੇ ਉਪ ਰਾਜਪਾਲ ਨੂੰ ਲਿਖੇ ਪੱਤਰ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ਈ ਡੀ ਦੀ ਹਿਰਾਸਤ ਵਿਚ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਈ ਡੀ ਦੀ ਹਿਰਾਸਤ ਵਿਚ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਹ ਦਾਅਵੇ ਕਰ ਰਹੀ ਹੈ ਕਿ ਉਹਨਾਂ ਨੇ ਹਿਰਾਸਤ ਵਿਚੋਂ ਦਿੱਲੀ ਵਾਸਤੇ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਦਿੱਲੀ ਦੇ ਮੰਤਰੀ ਆਤਿਸ਼ੀ ਤੇ ਸੌਰਵ ਭਾਰਦਵਾਜ ਨੇ ਇਹ ਹੁਕਮ ਜਾਰੀ ਕੀਤੇ ਹੋਣ ਦੇ ਦਾਅਵੇ ਕੀਤੇ ਹਨ ਜੋ ਨਾ ਸਿਰਫ ਹਾਸੋਹੀਣੇ ਹਨ ਬਲਕਿ ਕਾਨੂੰਨ ਦੀ ਗੰਭੀਰ ਉਲੰਘਣਾ ਹੈ।
ਸਿਰਸਾ ਨੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਈ ਡੀ ਦੀ ਹਿਰਾਸਤ ਵਿਚ ਹੋਣ ਦੇ ਬਾਵਜੂਦ ਕੇਜਰੀਵਾਲ ਵੱਲੋਂ ਅਜਿਹੇ ਹੁਕਮ ਜਾਰੀ ਕੀਤੇ ਜਾਣ ਦੇ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹ ਇਕ ਬਹੁਤ ਹੀ ਗੰਭੀਰ ਮਾਮਲਾ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਡਰਾਮੇਬਾਜ਼ੀ ਨਾ ਸਿਰਫ ਸੰਵਿਧਾਨ ਦੀ ਉਲੰਘਣਾ ਹੈ ਬਲਕਿ ਇਹ ਇਕ ਬੇਹੱਦ ਗੰਭੀਰ ਗੈਰ ਕਾਨੂੰਨੀ ਕਾਰਵਾਈ ਹੈ।
ਸਿਰਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਪ ਰਾਜਪਾਲ ਇਸ ਮਾਮਲੇ ਵਿਚ ਬਣਦੀ ਕਾਰਵਾਈ ਕਰਨਗੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਤੇ ਹੁਕਮ ਜਾਰੀ ਕਰਨਗੇ ਤਾਂ ਜੋ ਸੱਚ ਲੋਕਾਂ ਸਾਹਮਣੇ ਆ ਸਕੇ।
I've filed complaints with @LtGovDelhi and @dir_ed about a Fabricated official order on Delhi Govt letterhead, supposedly from CM Arvind Kejriwal, who's in ED remand until March 28.
The order is without number, date & signature. It clearly shows unauthorised use of power.… pic.twitter.com/9ePrf2yvcE
— Manjinder Singh Sirsa (मोदी का परिवार) (@mssirsa) March 26, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।