ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ ‘ਚ ਸ਼ਾਮਲ ਹੋਣ ’ਤੇ ਭਾਜਪਾ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Global Team
2 Min Read

ਅੰਮ੍ਰਿਤਸਰ/ਨਵੀਂ ਦਿਲੀ: ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ ‘ਚ ਭਾਰਤ ਦੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਿੱਖਿਆ ਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਪਾਰਟੀ ’ਚ ਆਉਣ ’ਤੇ ਸਰਦਾਰ ਸੰਧੂ ਦਾ ਆਪਣੇ ਗ੍ਰਹਿ ਵਿਖੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀ ਲਿਆਕਤ ਦਾ ਪੂਰਾ ਲਾਹਾ ਲਵੇਗੀ। ਉਨ੍ਹਾਂ ਸਰਦਾਰ ਸੰਧੂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਮੁਖੀ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਰਾਹੀਂ ਪੰਜਾਬ ਨੂੰ ਨਵੀਂ ਦਸ਼ਾ ਪ੍ਰਦਾਨ ਕਰਨ ਦੀ ਆਸ ਕੀਤੀ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਮੇਲ ਮਿਲਾਪ ਤੋਂ ਬਾਅਦ ਸਰਦਾਰ ਸੰਧੂ ਬਾਰੇ ਟਵੀਟ ਕਰਦਿਆਂ ਕਿਹਾ ਕਿ ਬੀਜੇਪੀ ਵਿੱਚ ਤੁਹਾਡਾ ਸੁਆਗਤ ਹੈ, ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਾਡਾ ਨਜ਼ਦੀਕੀ ਸਹਿਯੋਗੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਮੈਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਉਹ ਦੇਸ਼ ਦੇ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਦਿੰਦੇ ਰਹਿਣਗੇ।

ਇਸੇ ਤਰਾਂ ਸਿੱਖਿਆ ਅਤੇ ਹੁਨਰ ਵਿਕਾਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਭਾਜਪਾ ’ਚ ਸ਼ਾਮਿਲ ਹੋਏ ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਵੱਲੋਂ ਪਖਾਲਾਦਿਬਾਸਾ ਮਨਾਉਣ ਲਈ ਦੁਪਹਿਰ ਦੇ ਖਾਣੇ ਵਿੱਚ ਉਨ੍ਹਾਂ ਨਾਲ ਮੌਜੂਦ ਰਹਿਣ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਮਹਾ ਪ੍ਰਭੂ ਜਗਨਨਾਥ ਦੇ ਮਨਪਸੰਦ ਭੋਜਨਾਂ ਵਿੱਚੋਂ ਇੱਕ, ਪਖਾਲਾ ਕੇਵਲ ਇੱਕ ਭੋਜਨ ਨਹੀਂ ਹੈ ਬਲਕਿ ਓਡੀਸ਼ਾ ਦੀ ਸਭਿਆਚਾਰਕ ਪਛਾਣ ਅਤੇ ਰਸੋਈ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਦੋਸਤਾਂ ਅਤੇ ਪਰਿਵਾਰ ਨਾਲ ਪਖਾਲੇ ਦਾ ਸੇਵਨ ਕਰਨ ਨਾਲ ਖ਼ੁਸ਼ੀ ਦੁੱਗਣੀ ਹੋ ਜਾਂਦੀ ਹੈ।

ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਨੀ, ਭਾਜਪਾ ਦੇ ਕੇਂਦਰੀ ਸਕੱਤਰ ਤੇ ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਨਿਵਾਸੁਲੂ, ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਸਥਾਨਿਕ ਲੀਡਰਸ਼ਿਪ ਨੇ ਵੀ ਸਵਾਗਤ ਕੀਤਾ ਅਤੇ ਵਧਾਈ ਦਿੱਤੀ ਹੈ।

Share This Article
Leave a Comment