ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ‘ਚ ਵਿਗੜ ਰਹੇ ਹਾਲਾਤਾਂ ਨੂੰ ਠੀਕ ਕਰਨ ਲਈ ਕਿਹਾ। ਇਹ ਵਫਦ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮਿਲਿਆ ਸੀ ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਤੀਕਸ਼ਣ ਸੂਦ ਅਤੇ ਹਰਜੀਤ ਸਿੰਘ ਗਰੇਵਾਲ ਆਦਿ ਸ਼ਾਮਲ ਸਨ।
ਮੁਲਾਕਾਤ ਕਰਨ ਤੋਂ ਬਾਅਦ ਬੀਜੇਪੀ ਪੰਜਾਬ ਦੇ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਲ ਪੂਰੀ ਗੰਭੀਰਤਾ ਨਾਲ ਸੁਣੀ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੰਜਾਬ ਦਾ ਮਾਹੌਲ ਉਹ ਠੀਕ ਕਰ ਦੇਣਗੇ।
ਬੀਜੇਪੀ ਦੇ ਆਗੂਆਂ ਨੇ ਮੁੱਦਾ ਚੁੱਕਿਆ ਕਿ ਪੰਜਾਬ ਵਿੱਚ ਬੀਜੇਪੀ ਦੇ ਆਗੂਆਂ ਨੂੰ ਘਰਾਂ ‘ਚ ਬੰਦੀ ਬਣਾਇਆ ਜਾ ਰਿਹਾ ਹੈ ਜੋ ਜਮਹੂਰੀਅਤ ਦੇ ਉਲਟ ਹੈ।