ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ‘ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੀਟਾਂ ਦੀ ਵੰਡ ਬਾਰੇ ਚਰਚਾ ਹੋਈ ਹੈ।
ਬੈਠਕ ’ਚ ਭਾਜਪਾ ਪ੍ਰਧਾਨ ਜੇ. ਪੀ. ਨੱਢਾ, ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜਿੰਦਰ ਸਿੰਘ ਸ਼ੇਖਾਵਤ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਮੌਜੂਦ ਰਹੇ। ਬੈਠਕ ਮਗਰੋਂ ਸ਼ੇਖਾਵਤ ਨੇ ਕਿਹਾ ਭਾਜਪਾ, ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨਗੇ।
ਉਨ੍ਹਾਂ ਨੇ ਕਿਹਾ ਕਿ ਤਿੰਨਾਂ ਪਾਰਟੀਆਂ ਦਾ ਜੁਆਇੰਟ ਮੈਨੀਫੈਸਟੋ ਹੋਵੇਗਾ। ਜਿਸ ’ਚ ਪੰਜਾਬ, ਖੇਤੀ, ਸਿੱਖ, ਓ. ਬੀ. ਸੀ. ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਮੇਟੀ ਬਣਾ ਕੇ ਸੀਟਾਂ ਦਾ ਫ਼ੈਸਲਾ ਹੋਵੇਗਾ। ਚੋਣਾਂ ’ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਫ਼ਿਲਹਾਲ ਅਜੇ ਫਾਈਨਲ ਨਹੀਂ ਹੋਇਆ ਹੈ।