ਕਰਨਾਟਕ :ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈਟਾਰ ਨੇ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਅੱਜ ਨੂੰ ਰਾਜ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ। ਸ਼ੈਟਾਰ ਨੇ ਕਿਹਾ ਕਿ ਉਹ ਭਾਜਪਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦੇਣਗੇ। ਸ਼ੈਟਾਰ ਉੱਤਰਾ ਕੰਨੜ ਜ਼ਿਲ੍ਹੇ ਦੇ ਸਿਰਸੀ ਪਹੁੰਚੇ ਅਤੇ ਵਿਧਾਨ ਸਭਾ ਸਪੀਕਰ ਵਿਸ਼ਵੇਸ਼ਵਰ ਹੇਗੜੇ ਕਾਗੇਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਛੇ ਵਾਰ ਵਿਧਾਇਕ ਰਹੇ ਸ਼ੈਟਾਰ 10 ਮਈ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਬਲੀ-ਧਾਰਵਾੜ ਕੇਂਦਰੀ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਕਿਸਮਤ ਅਜ਼ਮਾਉਣਾ ਚਾਹੁੰਦੇ ਸਨ, ਪਰ ਪਾਰਟੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਕੇਂਦਰੀ ਮੰਤਰੀਆਂ ਪ੍ਰਹਿਲਾਦ ਜੋਸ਼ੀ ਅਤੇ ਧਰਮਿੰਦਰ ਪ੍ਰਧਾਨ ਨੇ ਸ਼ਨਿਚਰਵਾਰ ਦੇਰ ਰਾਤ ਤੱਕ ਸ਼ੈਟਾਰ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਆਪਣੇ ਸਟੈਂਡ ’ਤੇ ਕਾਇਮ ਰਹੇ।