ਅੰਮ੍ਰਿਤਸਰ: ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਉਹ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਵਾਂਗ ਹੀ ਭਾਜਪਾ ਦੀ ਸਰਕਾਰ ਸਥਾਪਿਤ ਕਰਨਗੇ, ਜਿਸ ਵਿੱਚ ਸਾਰਿਆਂ ਦੇ ਬਰਾਬਰ ਹੱਕ ਹੋਣਗੇ। ਉਨ੍ਹਾਂ ਆਖਿਆ ਕਿ ਭਾਜਪਾ ਪੰਜਾਬ ਵਿੱਚ ਆਪਣੇ ਦਮ ’ਤੇ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜੇਗੀ।
ਭਾਜਪਾ ਦੇ ਕੌਮੀ ਸਕੱਤਰ ਅਤੇ ਰਾਜ ਸਭਾ ਮੈਂਬਰ ਚੁਣੇ ਗਏ ਤਰੁਣ ਚੁੱਘ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ’ਤੇ ਅੱਜ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਭੇਜਿਆ ਜਾਵੇਗਾ, ਜਿਸ ਰਾਹੀਂ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਲਈ ਯਤਨ ਕਰਨ ਵਾਸਤੇ ਅਪੀਲ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਖੈਬਰ ਪਖਤੂਨਖਵਾ ਦੇ ਇਲਾਕੇ ਦੇ ਇੱਕ ਗੁਰਦੁਆਰੇ ਵਿੱਚ ਪਤੀ-ਪਤਨੀ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਾ ਸੁਰੱਖਿਅਤ ਨਹੀਂ ਹੈ। ਉਨ੍ਹਾਂ ਆਖਿਆ ਕਿ ਵੰਡ ਵੇਲੇ ਪਾਕਿਸਤਾਨ ਵਿੱਚ ਰਹਿ ਗਏ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਆਬਾਦੀ ਪਾਕਿਸਤਾਨ ਵਿੱਚ ਲਗਾਤਾਰ ਘਟਦੀ ਜਾ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਗੁਰੂ ਘਰ ਵਿਖੇ ਮੱਥਾ ਟੇਕਣ ਤੇ ਅਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ ਕਰਨ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਆਪਸੀ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭੇਟ ਕਰਨ ਤੇ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਆਏ ਸਨ।
ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿੱਖ ਭਾਈਚਾਰੇ ਦੀ ਸਰਵਉੱਚ ਸੰਸਥਾ ਹੈ, ਤੇ ਇਸਦੀ ਪਵਿੱਤਰਤਾ ਤੇ ਪਰੰਪਰਾਵਾਂ ਦਾ ਸਤਿਕਾਰ ਕਰਨਾ ਹਰੇਕ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਦੀ ਮਹੱਤਤਾ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਸੰਗਠਨ ਤੋਂ ਪਰੇ ਹੈ, ਤੇ ਹਰ ਕਿਸੇ ਨੂੰ ਇਸ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਤਿਕਾਰ ਨਾਲ ਵਿਵਹਾਰ ਕਰਨਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

