ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਖੁਲਾਸੇ ਕੀਤੇ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੇ ਇੱਕ ਸੀਨੀਅਰ ਆਗੂ ਵੱਲੋਂ ਫੋਨ ਕਰਕੇ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਨਾਲ ਹੀ ਭਾਜਪਾ ਆਗੂ ਵਲੋਂ ਇਹ ਵੀ ਕਿਹਾ ਗਿਆ ਕਿ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੇ ਇਸ ਆਫ਼ਰ ਨੂੰ ਠੁਕਰਾ ਦਿੱਤਾ ਅਤੇ ਕਿਹਾ ਕਿ ਮੈਨੂੰ ਕਿਸੇ ਚੀਜ਼ ਦਾ ਲਾਲਚ ਨਹੀਂ ਹੈ।
ਭਾਜਪਾ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਭਾਜਪਾ ਲੋਕਾਂ ਦੇ ਵਿਸ਼ਵਾਸ਼ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਕੋਲ ਇੰਨੀ ਦੌਲਤ ਨਹੀਂ ਹੈ ਕਿ ਉਹ ਮੈਨੂੰ ਜਾਂ ਆਪ ਆਗੂਆਂ ਨੂੰ ਖ਼ਰੀਦ ਸਕੇ।’
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਵੱਲੋਂ ‘ਆਪ’ ਦੇ ਕਈ ਆਗੂਆਂ ਨੂੰ ਫ਼ੋਨ ਕੀਤਾ ਜਾ ਰਿਹਾ ਹੈ। ਭਾਜਪਾ, ‘ਆਪ’ ਆਗੂਆਂ ਨੂੰ ਤੋੜਨ ਲਈ ਕਈਂ ਹਥਕੰਡੇ ਅਪਣਾ ਰਹੀ ਹੈ।