ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੇ ਨਵੇਂ ਪ੍ਰਧਾਨ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਸੂਬੇ ਦੀ ਰਾਜਨੀਤੀ ਨਾਲ ਜੁੜੇ ਪੁਰਾਣੇ ਸਥਾਨਿਕ ਚਿਹਰਿਆਂ ‘ਤੇ ਹੀ ਦਾਅ ਲਗਾ ਸਕਦੀ ਹੈ। ਇਸ ਸਬੰਧੀ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਮਹੀਨੇ ਦੇ ਅੰਤ ਤੱਕ ਨਵੇਂ ਮੁਖੀ ਦਾ ਐਲਾਨ ਹੋ ਸਕਦਾ ਹੈ। ਲੋਕ ਸਭਾ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ‘ਚ ਹਾਰ ਤੋਂ ਬਾਅਦ ਪਾਰਟੀ ਦੀ ਨਜ਼ਰ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਹੈ। ਇਸ ਤੋਂ ਇਲਾਵਾ ਪਾਰਟੀ ਵਿਧਾਨ ਸਭਾ ਚੋਣਾਂ ਰਾਹੀਂ ਪੰਜਾਬ ਵਿੱਚ ਆਪਣੇ ਪੈਰ ਪਸਾਰਨ ਦੀ ਤਿਆਰੀ ਕਰ ਰਹੀ ਹੈ।
ਸੂਤਰਾਂ ਅਨੁਸਾਰ ਸਿਆਸੀ ਮਾਮਲਿਆਂ ਨੂੰ ਲੈ ਕੇ ਪਾਰਟੀ ਦੀ ਮੀਟਿੰਗ ਵਿੱਚ ਇਸ ਗੱਲ ’ਤੇ ਵੀ ਸਹਿਮਤੀ ਬਣੀ ਕਿ ਸ਼ਹਿਰੀ ਅਤੇ ਹਿੰਦੂ ਵੋਟ ਬੈਂਕ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਪੁਰਾਣੇ ਹਿੰਦੂ ਚਿਹਰੇ ਨੂੰ ਹੀ ਸੂਬਾ ਪ੍ਰਧਾਨ ਦੀ ਕਮਾਨ ਸੌਂਪੀ ਜਾਵੇਗੀ। ਇਸ ਸਮੇਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਹਨ। ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਜਾਖੜ ਨੇ ਆਪਣਾ ਅਸਤੀਫਾ ਹਾਈਕਮਾਨ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਪਾਰਟੀ ਗਤੀਵਿਧੀਆਂ ਤੋਂ ਵੀ ਦੂਰੀ ਬਣਾ ਲਈ। ਇਹੀ ਕਾਰਨ ਹੈ ਕਿ ਪਾਰਟੀ ਨੇ ਨਵੇਂ ਮੁਖੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਜਨਰਲ ਸਕੱਤਰ ਤਰੁਣ ਚੁੱਘ ਦੇ ਨਾਲ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਸਮੇਤ ਪਾਰਟੀ ਦੇ ਹੋਰ ਆਗੂ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਹਨ।
ਪਾਰਟੀ ਜ਼ਮੀਨੀ ਪੱਧਰ ‘ਤੇ ਆਪਣੇ ਪੁਰਾਣੇ ਆਗੂਆਂ ਤੇ ਵਰਕਰਾਂ ਨੂੰ ਮੁੜ ਨਾਲ ਜੋੜਨ ‘ਚ ਲੱਗੀ ਹੋਈ ਹੈ, ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਚੰਗਾ ਪ੍ਰਦਰਸ਼ਨ ਕੀਤਾ ਜਾ ਸਕੇ। ਅਜਿਹੇ ਵਿੱਚ ਪਾਰਟੀ ਦੀ ਵਾਗਡੋਰ ਕਿਸੇ ਅਜਿਹੇ ਚਿਹਰੇ ਨੂੰ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਸਥਾਨਿਕ ਆਗੂਆਂ ਤੇ ਵਰਕਰਾਂ ਵਿੱਚ ਚੰਗਾ ਪ੍ਰਭਾਵ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।