ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਨੇ ਪੰਜਾਬ ਭਾਜਪਾ ਦੇ ਆਗੂਆਂ ਨਾਲ ਕੀਤੀ ਬੈਠਕ

TeamGlobalPunjab
2 Min Read

ਨਵੀਂ ਦਿੱਲੀ : ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਪਾਰਟੀ ਆਗੂਆਂ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਮੀਟਿੰਗ ਕੀਤੀ।

ਭਾਜਪਾ ਦੇ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਕੁਮਾਰ ਸ਼ਰਮਾ, ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ ਅਤੇ ਹੋਰ ਆਗੂ ਮੌਜੂਦ ਸਨ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਪ੍ਰਭਾਰੀ ਦੁਸ਼ਯੰਤ ਗੌਤਮ, ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਮੌਜੂਦ ਸਨ।

ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਬੈਠਕ ਮਹੱਤਵਪੂਰਣ ਮੰਨੀ ਜਾ ਰਹੀ ਹੈ। ਭਾਜਪਾ ਪੰਜਾਬ ਵਿੱਚ ਆਪਣੇ ਦਮ ‘ਤੇ ਸਾਰੀਆਂ 117 ਸੀਟਾਂ ‘ਤੇ ਚੋਣ ਲੜਨ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ।

- Advertisement -

ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੀ ਪੰਜਾਬ ਇਕਾਈ ਨਾਲ ਮੁਲਾਕਾਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਦੇਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਨੱੱਡਾ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ ਸੀ।ਉਸ ਮੀਟਿੰਗ ਵਿਚ ਨੱਡਾ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਦਾ ਪਰਦਾਫਾਸ਼ ਕਰਨ ਲਈ ਲੋਕਾਂ ਤੱਕ ਪਹੁੰਚ ਕਰਨ।

ਇਸ ਤੋਂ ਪਹਿਲਾਂ, ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਮੰਗਲਵਾਰ ਨੂੰ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮਾਨਸੂਨ ਸੈਸ਼ਨ ਲਈ,  ਪਾਰਟੀ ਦੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਰਿਹਾਇਸ਼ ‘ਤੇ ਹੋਈ ਸੀ ਅਤੇ ਭਾਜਪਾ ਦੇ ਮੁਖੀ ਜੇ ਪੀ ਨੱਡਾ, ਕੇਂਦਰੀ ਮੰਤਰੀ ਅਮਿਤ ਸ਼ਾਹ, ਧਰਮਿੰਦਰ ਪ੍ਰਧਾਨ, ਭੁਪੇਂਦਰ ਯਾਦਵ, ਪ੍ਰਹਲਾਦ ਜੋਸ਼ੀ, ਅਰਜੁਨ ਰਾਮ ਮੇਘਵਾਲ ਹਾਜ਼ਰ ਸਨ।

 ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮਾ ਭਰਪੂਰ ਰਹੇਗਾ, ਜਿਸ ਵਿੱਚ ਵਿਰੋਧੀ ਧਿਰਾਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਉੱਤੇ ਮਹਿੰਗਾਈ, ਡੀਜ਼ਲ ਅਤੇ ਪੈਟਰੋਲ ਦੀ ਵਧ ਰਹੀ ਕੀਮਤ ਅਤੇ ਕੋਵਿਡ -19 ਮਹਾਂਮਾਰੀ ਨਾਲ ਨਜਿੱਠਣ ਦੇ ਮੁੱਦਿਆਂ ਸਮੇਤ ਕਈ ਮੁੱਦਿਆਂ ‘ਤੇ ਹਮਲੇ ਕਰਨ ਲਈ ਤਿਆਰੀ ਕਰ ਰਹੀਆਂ ਹਨ।

Share this Article
Leave a comment