ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਰਤੀ ਜਨਤਾ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ (BJP Star Campaigner List) ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਵਿੱਚ 40 ਨਾਮ ਹਨ, ਜਿਨ੍ਹਾਂ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਸਭ ਤੋਂ ਉੱਪਰ ਹੈ।
ਇਸ ਸੀਟ ਲਈ ਵੋਟਿੰਗ 19 ਜੂਨ ਨੂੰ ਹੋਣੀ ਹੈ ਅਤੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 2 ਜੂਨ ਤੋਂ ਸ਼ੁਰੂ ਹੋ ਗਈਆਂ ਸਨ ਅਤੇ 5 ਜੂਨ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖਰੀ ਮਿਤੀ ਸੀ। 10 ਜਨਵਰੀ ਨੂੰ ਇਸ ਸੀਟ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਉਪ ਚੋਣ ਵਿੱਚ ਕੁੱਲ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਹੈ। ਇਸ ਸੀਟ ਤੋਂ ਭਾਜਪਾ ਨੇ ਜੀਵਨ ਗੁਪਤਾ ਨੂੰ ਟਿਕਟ ਦਿੱਤੀ ਹੈ, ਕਾਂਗਰਸ ਨੇ ਭਾਰਤ ਭੂਸ਼ਣ ਨੂੰ ਟਿਕਟ ਦਿੱਤੀ ਹੈ, ਅਕਾਲੀ ਦਲ ਨੇ ਐਡਵੋਕੇਟ ਪਰੋਪਕਾਰ ਸਿੰਘ ਘੁੰਮਣ ਨੂੰ ਟਿਕਟ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਹੈ। ਜੀਵਨ ਗੁਪਤਾ ਆਰਐਸਐਸ ਨਾਲ ਜੁੜੇ ਹਨ। ਉਹ ਪੰਜਾਬ ਭਾਜਪਾ ਦੇ ਉਪ ਪ੍ਰਧਾਨ, ਸੂਬਾ ਜਨਰਲ ਸਕੱਤਰ ਅਤੇ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ।