ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਨਸ਼ਾ ਵੇਚਣ ਵਾਲਿਆਂ ਨੂੰ ਰਾਜ ਤੋਂ ਬਾਹਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਤੋਂ ਬਾਹਰ ਕੱਢਣ ਲਈ ਵੀ ਵੱਡੇ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ ਫੈਲੀ ਗੁੰਡਾਗਰਦੀ ਨੂੰ ਖ਼ਤਮ ਕਰਕੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਦਾਅਵਾ ਕੀਤਾ।
ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੇ ਰਾਮਪੁਰਾ ਵਿੱਚ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਈ ਮੁੱਦਿਆਂ ’ਤੇ ਘੇਰਿਆ।
ਨਾਇਬ ਸੈਣੀ ਨੇ ਦੋਸ਼ ਲਾਇਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਇਮਾਨਦਾਰ ਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਹਿਲਾਂ ਦੀ ਕਾਂਗਰਸ ਸਰਕਾਰ ਨਾਲੋਂ ਵੀ ਜ਼ਿਆਦਾ ਭ੍ਰਿਸ਼ਟ ਨਿਕਲੀ ਹੈ।
ਉਨ੍ਹਾਂ ਪਿਛਲੇ ਦਿਨੀਂ ਇੱਕ ਟਾਵਰ ਤੋਂ ਨੋਟ ਉੱਡਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਇਹ ਪੈਸਾ ਕਿੱਥੋਂ ਆਇਆ। ਸੈਣੀ ਨੇ ਕਿਹਾ ਕਿ ਇਸ ਬਾਰੇ ਸਾਰੇ ਲੋਕ ਜਾਣਦੇ ਹਨ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਦਾਅਵੇ ਮੁਤਾਬਕ ਹੁਣ ‘ਆਪ’ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਰਿਸ਼ਤੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਹੀ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਦਾ ਮਿਹਨਤੀ ਨੌਜਵਾਨ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ।
ਸੈਣੀ ਨੇ ਸਿਹਤ ਵਿਭਾਗ ਵਿੱਚ ਹਾਲ ਹੀ ਵਿੱਚ ਜਾਰੀ ਹੋਈ ਭਰਤੀ ਸੂਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਖੁਦ ਅਦਾਲਤ ਦੇ ਸਾਹਮਣੇ ਆਪਣੀ ਗਲਤੀ ਮੰਨੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਨੌਜਵਾਨ ਹੀ ਨਹੀਂ, ਸਗੋਂ ਮਹਿਲਾਵਾਂ ਅਤੇ ਕਰਮਚਾਰੀ ਵਰਗ ਵੀ ਸਰਕਾਰ ਤੋਂ ਪਰੇਸ਼ਾਨ ਹੈ।
ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਕਰਮਚਾਰੀਆਂ ਨੂੰ ਉਨ੍ਹਾਂ ਦਾ DA ਨਹੀਂ ਦਿੱਤਾ ਜਾ ਰਿਹਾ ਅਤੇ ਤਨਖਾਹਾਂ ਵੀ ਦੇਰੀ ਨਾਲ ਮਿਲ ਰਹੀਆਂ ਹਨ।
ਹਰਿਆਣਾ ਵਿੱਚ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਕਰਦਿਆਂ ਨਾਇਬ ਸੈਣੀ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਪੰਜਾਬ ਵਿੱਚ ਕਿੰਨੇ ਮੈਡੀਕਲ ਕਾਲਜ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ’ਤੇ ਭਰੋਸਾ ਕਰਦਿਆਂ ਭਾਜਪਾ ਨੂੰ ਸੱਤਾ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ’ਤੇ ਹਰਿਆਣਾ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਸਾਰੀਆਂ ਭਲਾਈ ਨੀਤੀਆਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

