ਚੰਡੀਗੜ੍ਹ: ਅਕਾਲੀ ਦਲ ਦੇ ਨਾਲ-ਨਾਲ ਹੁਣ ਬੀਜੇਪੀ ਵੀ ਜ਼ਹਿਰੀਲੀ ਸ਼ਰਾਬ ਮੁੱਦੇ ਤੇ ਕੈਪਟਨ ਸਰਕਾਰ ਨੂੰ ਘੇਰ ਰਹੀ ਹੈ। ਚੰਡੀਗੜ੍ਹ ਵਿੱਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ। ਬੀਜੇਪੀ ਦੇ ਵਰਕਰਾਂ ਅਤੇ ਲੀਡਰਾਂ ਵੱਲੋਂ ਚੰਡੀਗੜ੍ਹ ਸਥਿਤ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨਾ ਸੀ ਪਰ ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ 17 ‘ਚ ਹੀ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਪੁਲਿਸ ਵੱਲੋਂ ਨਿਗਮ ਦੇ ਦਫ਼ਤਰ ਨੇੜੇ ਬੈਰੀਕੇਡਿੰਗ ਕੀਤੀ ਹੋਈ ਸੀ ਤਾਂ ਜੋ ਪ੍ਰਦਰਸ਼ਨਕਾਰੀ ਅੱਗੇ ਨਾ ਵੱਧ ਸਕਣ। ਜਦੋਂ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਗਿਆ ਤਾਂ ਦੋਵਾਂ ਵਿਚਾਲੇ ਧੱਕਾ ਮੁੱਕੀ ਹੋਈ। ਬੀਜੇਪੀ ਦੇ ਵਰਕਰਾਂ ਨੇ ਬੈਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਤਰਨਤਾਰਨ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ 120 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। ਬੀਜੇਪੀ ਇਸ ਮੁੱਦੇ ਤੇ ਸੀਬੀਆਈ ਦੀ ਜਾਂਚ ਦੀ ਮੰਗ ਕਰ ਰਹੀ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਦੋ ਐੱਸਆਈਟੀ ਦਾ ਗਠਨ ਕੀਤਾ ਹੋਇਆ ਹੈ।