ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਨੇ ਵੀਰਵਾਰ ਨੂੰ ਹੋਲੀ ਸਿਟੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਅਰਧ-ਨਗਨ ਹੋ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦੋਂ ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਪ੍ਰਧਾਨ ਦੇ ਘਰ ਵੱਲ ਜਾਣ ਦਾ ਯਤਨ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।ਭਾਜਪਾ ਦੇ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਪਹਿਲਾਂ ਹੀ ਤਾਇਨਾਤ ਸੀ। ਭਾਜਪਾ ਵਰਕਰਾਂ ਦੀ ਪੁਲਿਸ ਵੱਲੋਂ ਖਿੱਚ-ਧੂਹ ਵੀ ਕੀਤੀ ਗਈ ਅਤੇ ਮਗਰੋਂ ਪੁਲਿਸ ਨੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਦੁਪਹਿਰ ਛੱਡ ਦਿੱਤਾ ਗਿਆ।
ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਦੀ ਅਗਵਾਈ ਹੇਠ ਭਾਜਪਾ ਕਾਰਕੁਨ ਇੱਥੇ ਹੋਲੀ ਸਿਟੀ ਦੇ ਬਾਹਰ ਇਕੱਠੇ ਹੋਏ। ਇਨ੍ਹਾਂ ਵਿੱਚ ਯੁਵਾ ਮੋਰਚਾ ਦੇ ਸੂਬਾਈ ਆਗੂ ਭਾਨੂੰ ਪ੍ਰਤਾਪ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ ਤੇ ਸਲਿਲ ਕਪੂਰ ਹਾਜ਼ਰ ਸਨ। ਗੌਤਮ ਅਰੋੜਾ ਅਤੇ ਰਾਜੇਸ਼ ਹਨੀ ਨੇ ਦੱਸਿਆ ਕਿ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਦੇ ਬੋਲ ਭਾਰਤ ਵਿਰੋਧੀ ਹਨ। ਮਾਲਵਿੰਦਰ ਸਿੰਘ ਨੇ ਟਵੀਟ ਕਰਕੇ ਆਪਣੇ ਹੀ ਮੁੱਖ ਮੰਤਰੀ ‘ਤੇ ਫਿਰਕੂ ਤਣਾਅ ਫੈਲਾਉਣ ਦਾ ਦੋਸ਼ ਲਾਉਂਦਿਆਂ ਕਸ਼ਮੀਰ ਨੂੰ ਵੱਖਰਾ ਦੇਸ਼ ਦੱਸਣ ਦਾ ਦਾਅਵਾ ਕੀਤਾ ਹੈ। ਇਸ ਉੱਤੇ ਭਾਰਤ ਅਤੇ ਪਾਕਿਸਤਾਨ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਕਸ਼ਮੀਰ ਸਿਰਫ ਕਸ਼ਮੀਰ ਦੇ ਲੋਕਾਂ ਦਾ ਹੈ। ਭਾਜਪਾ ਯੁਵਾ ਆਗੂਆਂ ਨੇ ਇਸ ਮਾਮਲੇ ਵਿੱਚ ਸਿੱਧੂ ਦਾ ਅਸਤੀਫ਼ਾ ਅਤੇ ਸਲਾਹਕਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
