ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਦੋਆਬਾ ਇੰਚਾਰਜ ਅਤੇ ਨਿਧੱੜਕ ਆਗੂ 59 ਸਾਲਾ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਇੱਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ, ਜਥੇਦਾਰ ਕਸ਼ਮੀਰ ਸਿੰਘ ਮੋਟਰਸਾਈਕਲ ’ਤੇ ਸਫਰ ਕਰ ਰਹੇ ਸਨ ਜਦੋਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਮੋਟਰਸਾਈਕਲ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ, ਅਤੇ ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਵਾਈਸ ਪ੍ਰਧਾਨ ਮੁਕੇਸ਼ ਚੰਦਰ ਨੇ ਇਸ ਦੁਖਦ ਘਟਨਾ ਦੀ ਪੁਸ਼ਟੀ ਕੀਤੀ ਹੈ।
ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਮੌਤ ਨੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਦੋਆਬਾ ਖੇਤਰ ਦੇ ਕਿਸਾਨ ਭਾਈਚਾਰੇ ਨੂੰ ਡੂੰਘਾ ਸਦਮਾ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਸਮੇਤ ਹੋਰ ਸੀਨੀਅਰ ਆਗੂ ਭਲਕੇ ਜਥੇਦਾਰ ਕਸ਼ਮੀਰ ਸਿੰਘ ਦੇ ਜੱਦੀ ਪਿੰਡ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ ਅਤੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣਗੇ।
ਕਸ਼ਮੀਰ ਸਿੰਘ ਜੰਡਿਆਲਾ ਦੋਆਬਾ ਖੇਤਰ ’ਚ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਨੂੰ ਯੂਨੀਅਨ ਅਤੇ ਕਿਸਾਨ ਜਥੇਬੰਦੀਆਂ ਲਈ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।