ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਿਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਨਤੀਜੇ ਵਜੋਂ ਸੂਬੇ ਦੇ ਕਈ ਪਿੰਡਾਂ ਨੂੰ ਨਸ਼ਾ ਮੁਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ‘ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ ਅਤੇ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਜਿੱਤਣ ਤੱਕ ਆਰਾਮ ਨਾਲ ਨਹੀਂ ਬੈਠੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਸਰਹੱਦੀ ਖੇਤਰਾਂ ਵਿੱਚ ਕਾਲਜ ਅਤੇ ਉਦਯੋਗ ਸਥਾਪਤ ਕਰਨ ਦੀ ਮੰਗ ਰੱਕੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਬਹੁਤ ਜ਼ਰੂਰੀ ਹੈ ਜੋ ਕਈ ਕਾਰਨਾਂ ਕਰਕੇ ਪਛੜ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਉਨ੍ਹਾਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਵੀ ਉਠਾਇਆ ਹੈ ਜਿਨ੍ਹਾਂ ਦੀ ਜ਼ਮੀਨ ਕੌਮਾਂਤਰੀ ਸਰਹੱਦ ਅਤੇ ਵਾੜ ਦੇ ਵਿਚਕਾਰ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਡਾਰਕ ਜ਼ੋਨ (ਖਤਰੇ ਦੀ ਕਗਾਰ ‘ਤੇ) ‘ਚ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਜਿਸ ਕਰਕੇ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।