ਚੰਡੀਗੜ੍ਹ: ਬਾਰਿਸ਼ ਕਾਰਨ ਬਠਿੰਡਾ ਦੀ ਸਥਿਤੀ ਹੋਰ ਵੀ ਬਦਤਰ ਹੋ ਗਈ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ਦੋ ਤੋਂ ਤਿੰਨ ਫੁੱਟ ਪਾਣੀ ਨਾਲ ਭਰ ਗਈਆਂ ਹਨ। ਸ਼ਹਿਰ ਵਿੱਚ ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ। ਬਾਰਿਸ਼ ਕਾਰਨ ਪਰਸਰਾਮ ਨਗਰ ਅੰਡਰ ਬ੍ਰਿਜ ਪਾਣੀ ਨਾਲ ਭਰ ਗਿਆ ਹੈ। ਇਸ ਪਾਣੀ ਵਿੱਚ ਡੁੱਬੇ ਇੱਕ ਈ-ਰਿਕਸ਼ਾ ਵਿੱਚੋਂ ਡਰਾਈਵਰ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਨੌਜਵਾਨ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।
ਜਲੰਧਰ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ ਹੈ। ਅਸਮਾਨ ‘ਤੇ ਕਾਲੇ ਬੱਦਲ ਛਾਏ ਹੋਏ ਹਨ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਹੈ ਕਿ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਲੰਧਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।