ਨਿਊਜ਼ ਡੈਸਕ: ਚੰਗੇ ਭਵਿੱਖ ਦੀ ਆਸ ‘ਚ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਫਿਰੋਜ਼ਪੁਰ ਦੇ ਸਰਹੱਦੀ ਪਿੰਡ ਧੀਰਾ ਪੱਤਰਾ ਦੇ ਰਹਿਣ ਵਾਲੇ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਭੁੱਲਰ ਦੀ ਕੈਨੇਡਾ ਵਿੱਚ ਰਹੱਸਮਈ ਹਾਲਾਤਾਂ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਹਾਸਿਲ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜੋਬਨਪ੍ਰੀਤ ਸਿੰਘ ਭੁੱਲਰ (21) ਪੁੱਤਰ ਬਲਰਾਜ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦਾ ਰਹਿਣ ਵਾਲਾ ਸੀ।ਪਰਿਵਾਰਕ ਮੈਂਬਰਾਂ ਮੁਤਾਬਿਕ ਜੋਬਨਪ੍ਰੀਤ ਸਿੰਘ ਪੂਲ ‘ਚ ਨਹਾਉਣ ਗਿਆ ਸੀ, ਜਿੱਥੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਕੈਨੇਡਾ ਤੋਂ ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਰ ‘ਚ ਮਾਤਮ ਦਾ ਮਾਹੌਲ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜੋਬਨਪ੍ਰੀਤ ਸਿੰਘ ਕਰੀਬ ਦੋ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਉਮੀਦ ਲੈ ਕੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਬਰੈਂਪਟਨ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਕੇ ਪਰਿਵਾਰ ਦਾ ਸਹਾਰਾ ਬਣੇਗਾ, ਪਰ ਅਚਾਨਕ ਵਾਪਰੀ ਇਸ ਘਟਨਾ ਨੇ ਸਾਰੀਆਂ ਉਮੀਦਾਂ ਤੋੜ ਦਿੱਤੀਆਂ ਹਨ।
ਪਰਿਵਾਰ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੋਬਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਅੰਤਿਮ ਸਸਕਾਰ ਕਰ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

