ਇਮਰਾਨ ਖਾਨ ਦੀ ਪਾਰਟੀ ਦੀ ਚੋਣ ਰੈਲੀ ‘ਚ ਬੰਬ ਧਮਾਕਾ, ਚਾਰ ਦੀ ਮੌਤ, ਕਈ ਜਖ਼ਮੀ

Rajneet Kaur
2 Min Read

ਇਸਲਾਮਾਬਾਦ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਹੋਏ ਬੰਬ ਧਮਾਕੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚਾਰ ਵਰਕਰਾਂ ਦੀ ਮੌਤ ਹੋ ਗਈ। ਇਹ ਧਮਾਕਾ ਸਿਬੀ ਸ਼ਹਿਰ ਦੇ ਜਿਨਾਹ ਰੋਡ ‘ਤੇ ਉਸ ਸਮੇਂ ਹੋਇਆ ਜਦੋਂ ਉਥੇ ਪੀਟੀਆਈ ਦੀ ਚੋਣ ਰੈਲੀ ਕੀਤੀ ਜਾ ਰਹੀ ਸੀ।

ਸਿਬੀ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ: ਬਾਬਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪੀੜਤਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਹਮਲੇ ਵਾਲੀ ਥਾਂ ‘ਤੇ ਪਹੁੰਚ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੀਟੀਆਈ ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਧਮਾਕੇ ਨੇ ਪਾਰਟੀ ਸਮਰਥਿਤ ਉਮੀਦਵਾਰ ਸੱਦਾਮ ਤਰੀਨ ਦੀ ਚੋਣ ਰੈਲੀ ਉੱਤੇ ਹਮਲਾ ਕੀਤਾ, ਜੋ ਹਲਕੇ ਤੋਂ ਆਗਾਮੀ ਚੋਣਾਂ ਲੜ ਰਹੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਪੀੜਤ ਉਸ ਦੇ ਵਰਕਰ ਸਨ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਅਸੀਂ ਇਸ ਦਿਲ ਦਹਿਲਾਉਣ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਪੀਟੀਆਈ ਵਰਕਰਾਂ ਦੀ ਬਜਾਏ ਅੱਤਵਾਦੀਆਂ ਨੂੰ ਖਤਮ ਕਰਨ ‘ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।”

ਉਨ੍ਹਾਂ ਇਸ ਘਟਨਾ ਨੂੰ ਸੂਬਾਈ ਅਤੇ ਸੰਘੀ ਸਰਕਾਰਾਂ ਦੀ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਸੂਬਾਈ ਸਿਹਤ ਵਿਭਾਗ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਘਟਨਾ ਤੋਂ ਬਾਅਦ ਕਵੇਟਾ ਅਤੇ ਸਿਬੀ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment