ਕੈਨੇਡਾ ਅਤੇ ਭਾਰਤ ਦੋਵਾਂ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਨ ਤੋਂ ਇੱਕ ਦਿਨ ਬਾਅਦ, ਹੁਣ ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਕੇ ਉਹਨਾਂ ਨੂੰ “ਬਹੁਤ ਸਾਵਧਾਨੀ ਵਰਤਣ” ਦੀ ਅਪੀਲ ਕੀਤੀ ਹੈ। ਐਡਵਾਈਜ਼ਰੀ ਵਿੱਚ ਲਿਖਿਆ ਹੈ ਕਿ ਕੈਨੇਡਾ ਵਿੱਚ ਵਧ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਸਿਆਸੀ ਤੌਰ ‘ਤੇ ਮਾਫ਼ ਕੀਤੇ ਜਾਣ ਵਾਲੇ ਨਫ਼ਰਤੀ ਅਪਰਾਧਾਂ ਅਤੇ ਅਪਰਾਧਿਕ ਹਿੰਸਾ ਦੇ ਮੱਦੇਨਜ਼ਰ, ਉੱਥੇ ਦੇ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ਬਾਰੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ।ਕੈਨੇਡਾ ਵਿੱਚ ਸੁਰੱਖਿਆ ਦੇ ਵਿਗੜਦੇ ਮਾਹੌਲ ਨੂੰ ਦੇਖਦੇ ਹੋਏ, ਖ਼ਾਸ ਤੌਰ ‘ਤੇ ਭਾਰਤੀ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਅਤੇ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਦਸ ਦਈਏ ਕਿ  ਸੋਮਵਾਰ ਨੂੰ ਟਰੂਡੋ ਨੇ ਹਾਊਸ ਔਫ਼ ਕੌਮਨਜ਼ ਵਿਚ ਦੱਸਿਆ ਸੀ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਤੰਤਰ ਕੋਲ ਇਹ ਮੰਨਣ ਦੇ ਭਰੋਸੇਯੋਗ ਕਾਰਨ ਮੌਜੂਦ ਹਨ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ। 18 ਸਤੰਬਰ ਨੂੰ ਹੀ ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਭਾਰਤ ਸਬੰਧੀ ਟ੍ਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਸੀ।

ਐਡਵਾਈਜ਼ਰੀ ਵਿਚ ਕੈਨੇਡੀਅਨਜ਼ ਨੂੰ ਅੱਤਵਾਦ, ਕੱਟੜਪੰਥ, ਨਾਗਰਿਕ ਅਸ਼ਾਂਤੀ ਅਤੇ ਅਗਵਾ ਹੋਣ ਦੇ ਖ਼ਤਰੇ ਦਾ ਹਵਾਲਾ ਦਿੰਦਿਆਂ ਜੰਮੂ-ਕਸ਼ਮੀਰ ਜਾਣ ਤੋਂ ਰੋਕਿਆ ਗਿਆ ਸੀ। ਇਸ ਤੋਂ ਇਲਾਵਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਕੈਨੇਡੀਅਨਜ਼ ਨੂੰ ਪਾਕਿਸਤਾਨ ਦੀ ਸਰਹੱਦ ਦੇ 10 ਕਿਲੋਮੀਟਰ ਦੇ ਦਾਇਰੇ ਵਿਚ ਆਉਂਦੇ ਪੰਜਾਬ, ਗੁਜਰਾਤ ਅਤੇ ਰਾਜਸਥਾਨ ਦੇ ਇਲਾਕਿਆਂ ਵਿਚ ਯਾਤਰਾ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਸੀ।ਅਸਾਮ ਅਤੇ ਮਣੀਪੁਰ ਲਈ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਲਈ ਆਖਿਆ ਗਿਆ ਹੈ।

ਜ਼ਿਕਰਯੌਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ। ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਨੂੰ 18 ਜੂਨ ਨੂੰ ਗੁਰਦੁਆਰੇ ਦੇ ਪਾਰਕਿੰਟ ਲੌਟ ਵਿਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment