ਸਹਾਰਨਪੁਰ : ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲਖੀਮਪੁਰ ਜਾਣ ਲਈ ਸਹਾਰਨਪੁਰ ਪਹੁੰਚੇ ਕਾਂਗਰਸ ਦੇ ਕਾਫਲੇ ਨੂੰ ਉਤਰ ਪ੍ਰਦੇਸ਼ ਪੁਲਿਸ ਨੇ ਰੋਕ ਦਿੱਤਾ ਹੈ। ਵੱਡੀ ਖਬਰ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਨਵਜੋਤ ਸਿੱਧੂ ਦੇ ਨਾਲ ਕਈ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਪੁਲਿਸ ਹਿਰਾਸਤ ਵਿਚ ਲਏ ਗਏ ਕਾਂਗਰਸੀ ਆਗੂਆਂ ਅਤੇ ਮੰਤਰੀਆਂ ਦੇ ਨਾਮ ਹਨ ;
1. ਨਵਜੋਤ ਸਿੰਘ ਸਿੱਧੂ
2. ਕੈਬਨਿਟ ਮੰਤਰੀ ਪਰਗਟ ਸਿੰਘ
3. ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ
4. ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ
5. ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ
6. ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ
7. ਵਿਧਾਇਕ ਮਦਨ ਲਾਲ ਜਲਾਲਪੁਰ
8. ਵਿਧਾਇਕ ਕਾਕਾ ਰਜਿੰਦਰ ਸਿੰਘ
9. ਵਿਧਾਇਕ ਹਰਜੋਤ ਕਮਲ
10. ਵਿਧਾਇਕ ਹਰਦੇਵ ਸਿੰਘ ਲਾਡੀ
11. ਵਿਧਾਇਕ ਹਰਦਿਆਲ ਸਿੰਘ ਕੰਬੋਜ
ਫਿਲਹਾਲ ਇਹਨਾਂ ਸਾਰਿਆਂ ਨੂੰ ਇੱਕ ਬੱਸ ਵਿੱਚ ਡੱਕ ਕੇ ਸਹਾਰਨਪੁਰ ਪੁਲਿਸ ਇੱਕ ਥਾਣੇ ਵਿੱਚ ਲੈ ਕੇ ਗਈ ਹੈ।
ਬੱਸ ਵਿੱਚੋਂ ਨਵਜੋਤ ਸਿੰਘ ਸਿੱਧੂ ਨੇ ਉੱਤਰ ਪ੍ਰਦੇਸ਼ ਪੁਲਿਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਪੁਲਿਸ ਦਾ ਵਤੀਰਾ ਲੋਕਤੰਤਰ ਦੀ ਕਦਰਾਂ-ਕੀਮਤਾਂ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਇਹ ਉੱਤਰ ਪ੍ਰਦੇਸ਼ ਸਰਕਾਰ ਦੀ ਤਾਨਾਸ਼ਾਹੀ ਹੈ, ਜਿਸਦੀ ਉਹ ਪੁਰਜ਼ੋਰ ਨਿੰਦਾ ਕਰਦੇ ਹਨ।’
ਇਸ ਤੋਂ ਇਲਾਵਾ ਕਈ ਕਾਂਗਰਸੀ ਵਿਧਾਇਕ ਅਤੇ ਆਗੂ ਉੱਤਰ ਪ੍ਰਦੇਸ਼-ਹਰਿਆਣਾ ਬਾਰਡਰ ‘ਤੇ ਹੁਣ ਵੀ ਰੋਕੇ ਗਏ ਹਨ।
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਤੋਂ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ ਸੀ, ਜਿਸ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਸੂਬੇ ਵਿੱਚ ਦਾਖਲ ਹੋਣ ਤੋਂ ਹੀ ਰੋਕ ਦਿੱਤਾ ਹੈ।