ਲਖਨਊ: 28 ਸਾਲ ਪੁਰਾਣੇ ਬਾਬਰੀ ਮਸਜਿਦ ਮਾਮਲੇ ‘ਚ ਸਾਰੇ ਦੋਸ਼ੀ ਬਰੀ ਹੋ ਗਏ ਹਨ। ਲਖਨਊ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ਆਪਣੇ ਫ਼ੈਸਲੇ ‘ਚ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਮੁਰਲੀ ਮਨੋਹਰ ਜੋਸ਼ੀ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ, ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਉਮਾ ਭਾਰਤੀ, ਅਤੇ ਭਾਜਪਾ ਦੇ ਸੀਨੀਅਰ ਨੇਤਾ ਵਿਨੇ ਕਟਾਰੀਆ ਸਣੇ ਕੁੱਲ 32 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਜੱਜ ਐੱਸ.ਕੇ. ਯਾਦਵ ਨੇ ਆਪਣੇ ਫ਼ੈਸਲੇ ‘ਚ ਕਿਹਾ ਕਿ ਬਾਬਰੀ ਮਸਜਿਦ ਨੂੰ ਯੋਜਨਾ ਤਹਿਤ ਨਹੀਂ ਢਾਹਿਆ ਗਿਆ। ਅਦਾਲਤ ਨੇ ਕਿਹਾ ਕਿ ਅਰਾਜਕ ਤੱਤਾਂ ਨੇ ਢਾਂਚਾ ਸੁੱਟਿਆ ਸੀ ਅਤੇ ਦੋਸ਼ੀ ਨੇਤਾਵਾਂ ਨੇ ਇਨ੍ਹਾਂ ਲੋਕਾਂ ਨੂੰ ਰੋਕਣ ਦਾ ਯਤਨ ਕੀਤਾ ਸੀ।
ਦੂਜੇ ਪਾਸੇ ਅੱਜ ਇਸ ਫੈਸਲੇ ਦੇ ਮੱਦੇਨਜ਼ਰ ਅਯੁੱਧਿਆ ਸਮੇਤ ਸਮੁੱਚੇ ਉੱਤਰ ਪ੍ਰਦੇਸ਼ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਨੇਪਾਲ ਸੀਮਾ ਸਮੇਤ ਸਾਰੇ ਜ਼ਿਲ੍ਹਿਆਂ ‘ਚ ਸੁਰੱਖਿਆ ਫੋਰਸ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ।
ਜ਼ਿਕਰਯੋਗ ਹੈ ਕਿ 6 ਦਸੰਬਰ 1992 ਨੂੰ ਬਾਬਰੀ ਮਸਜਿਦ ਦਾ ਵਿਵਾਦਿਤ ਢਾਂਚਾ ਢਾਹਿਆ ਗਿਆ ਸੀ। ਇਸ ਮਾਮਲੇ ‘ਚ ਕੁੱਲ 49 ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਸੀ ਜਿਨ੍ਹਾਂ ‘ਚੋਂ 17 ਦੇਹਾਂਤ ਹੋ ਚੁੱਕਾ ਸੀ। ਦੱਸ ਦਈਏ ਕਿ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਣੀ, ਮੁਰਲੀ ਮਨੋਹਰ ਜੋਸ਼ੀ, ਕਲਿਆਣ ਸਿੰਘ, ਉਮਾ ਭਾਰਤੀ ਸਮੇਤ ਕੁੱਲ 32 ਲੋਕ ਇਸ ਮਾਮਲੇ ‘ਚ ਦੋਸ਼ੀ ਪਾਏ ਗਏ ਸਨ।