ਦਿੱਲੀ ਬੰਬ ਧਮਾਕੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪੈਰੋਲ ‘ਤੇ ਰਿਹਾਅ

TeamGlobalPunjab
2 Min Read

ਅਜਨਾਲਾ :  ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੱਜ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਬੰਬ ਧਮਾਕੇ ਮਾਮਲੇ ‘ਚ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਸਨ। ਜਿਨ੍ਹਾਂ ਨੂੰ ਅੱਜ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਪ੍ਰਭਾਵ ਦੇ ਚੱਲਦਿਆਂ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਵਿੱਚੋਂ ਲਗਭਗ 6 ਹਜ਼ਾਰ ਕੈਦੀਆਂ ਨੂੰ ਛੱਡਣ ਦਾ ਫੈਸਲਾ ਲਿਆ ਸੀ। ਇਸ ਲੜੀ ਦੇ ਤਹਿਤ ਹੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ‘ਤੇ ਰਿਹਾਅ ਕੀਤਾ ਗਿਆ। ਉਨ੍ਹਾਂ ਨਾਲ 59 ਹੋਰ ਕੈਦੀਆਂ ਨੂੰ ਵੀ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ। ਦੱਸ ਦਈਏ ਕਿ ਪ੍ਰੋ. ਭੁੱਲਰ ਨੂੰ 42 ਦਿਨਾਂ ਦੀ ਪੈਰੋਲ ‘ਤੇ ਛੱਡਿਆ ਗਿਆ ਹੈ। ਕੇਂਦਰੀ ਜੇਲ੍ਹ ਵਿਚੋਂ ਹੁਣ ਤੱਕ  529 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1993 ਦੇ ਦਿੱਲੀ ਬੰਬ ਧਮਾਕੇ ਵਿੱਚ ਦੋਸ਼ੀ ਪਾਇਆ ਗਿਆ ਸੀ। ਇਸ ਬੰਬ ਧਮਾਕੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇੱਕ ਫੈਸਲੇ ਵਿੱਚ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।  ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਹਿਮ ਪਟੀਸ਼ਨ ਅਤੇ ਮਾਨਸਿਕ ਬਿਮਾਰੀ ਦੇ ਆਧਾਰ ‘ਤੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ।



Share this Article
Leave a comment