BREAKING NEWS : ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖ਼ਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ ਹੁਣ ਮੁਫ਼ਤ ਦਿੱਤੇ ਜਾਣਗੇ।

 ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਲਈ ਸਟੇਟ ਇੰਚਰਾਜ ਵਿਕਾਸ ਗਰਗ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਵੰਡੀਆਂ ਗਈਆਂ ਜਿਸ ਵਿੱਚੋਂ ਸਿਰਫ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਕੋਈ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲਈ ਜਾਵੇ।

 

ਬਲਬੀਰ ਸਿੱਧੂ ਨੇ ਭਰੋਸਾ ਦਿਵਾਇਆ ਕਿ ਜਿਵੇਂ ਪੰਜਾਬ ਸਰਕਾਰ ਕੋਵਿਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਖੇ ਬਿਨਾਂ ਕਿਸੇ ਭੇਦ-ਭਾਵ ਤੋਂ ਸਾਰੀਆਂ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਣ ਵੀ ਮੁਫ਼ਤ ਕੀਤਾ ਜਾਵੇਗਾ।

- Advertisement -

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰੇਕ ਯੋਗ ਲਾਭਪਾਤਰੀ ਨੂੰ ਮੁਫ਼ਤ ਟੀਕਾਕਰਣ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇਸ ਦੇ ਸਾਰੇ ਖ਼ਰਚੇ ਸੂਬਾ ਸਰਕਾਰ ਵਲੋਂ ਚੁੱਕੇ ਜਾਣਗੇ।

ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਹੁਣ ਨਿਰਮਾਤਾਵਾਂ ਤੋਂ ਟੀਕੇ ਦੀ ਸਿੱਧੀ ਸਪਲਾਈ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚ ਜਮ੍ਹਾ ਕੀਤੀ ਗਈ ਰਕਮ ਜਲਦੀ ਹੀ ਵਾਪਸ ਕਰ ਦਿੱਤੀ ਜਾਵੇਗੀ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨੋਵਲ ਕਰੋਨਾ ਵਾਇਰਸ ਨਾਲ ਲੜਨ ਲਈ ਇਕ ਵੱਡੇ ਕਦਮ ਵਜੋਂ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ -19 ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸੂਬੇ ਦੇ ਕਰੀਬ 39.57 ਲੱਖ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਵਿੱਤੀ ਜ਼ੋਖਮ ਸੁਰੱਖਿਆ ਦਿੱਤੀ ਜਾਂਦੀ ਹੈ।

ਮੰਤਰੀ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵਾਧੂ ਵਸੂਲੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਤੁਰੰਤ ਕਾਰਵਾਈ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ

Share this Article
Leave a comment