ਚੰਡੀਗੜ੍ਹ/ਨਵੀਂ ਦਿੱਲੀ : ਕਿਸਾਨਾਂ ਦੇ ਤਿੱਖੇ ਵਿਰੋਧ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਕੱਲ੍ਹ (3 ਅਕਤੂਬਰ,ਐਤਵਾਰ) ਤੋਂ ਕਰਨ ਦਾ ਫੈਸਲਾ ਕੀਤਾ ਹੈ। ਖ਼ੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਰਾਜ ਮੰਤਰੀ ਅਸ਼ਵਨੀ ਚੌਬੇ ਨੇ ਇਹ ਐਲਾਨ ਕੀਤਾ ਹੈ ਕਿ ਝੋਨੇ ਦੀ ਖ਼ਰੀਦ ਕੱਲ੍ਹ ਤੋਂ ਪੰਜਾਬ ਅਤੇ ਹਰਿਆਣਾ ਵਿਚ ਸ਼ੁਰੂ ਹੋਵੇਗੀ।
ਕਿਸਾਨਾਂ ਦੇ ਭਾਰੀ ਦਬਾਅ ਅੱਗੇ ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਬਦਲਣ ਲਈ ਮਜਬੂਰ ਹੋਣਾ ਪਿਆ ਹੈ। ਜ਼ਿਕਰਯੋਗ ਹੈ ਕਿ 30 ਸਤੰਬਰ ਨੂੰ ਕੇਂਦਰ ਸਰਕਾਰ ਵੱਲੋਂ ਹੁਕਮ ਜਾਰੀ ਕੀਤਾ ਗਿਆ ਸੀ ਕਿ ਇਸ ਵਾਰ ਝੋਨੇ ਦੀ ਖਰੀਦ 1 ਅਕਤੂਬਰ ਤੋਂ ਨਹੀਂ ਸਗੋਂ 11 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਸੀ।
ਬੀਤੇ ਰੋਜ਼ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪ੍ਰਧਾਨ ਮੰਤਰੀ ਨੂੰ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ ਸੀ।