ਚੰਡੀਗੜ੍ਹ : ਸੂਬੇ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਧਮਾਕਾ ਹੋਇਆ ਜਦੋਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਾਂਗਰਸ ਦਾ ‘ਹੱਥ’ ਫੜ ਲਿਆ। ਰੂਬੀ ਬਠਿੰਡਾ ਦਿਹਾਤੀ ਤੋਂ ‘ਆਪ’ ਦੀ ਵਿਧਾਇਕ ਚੁਣੀ ਗਈ ਸੀ।
ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਰੁਪਿੰਦਰ ਕੌਰ ਰੂਬੀ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਗਿਆ।
ਪੱਤਰਕਾਰਾਂ ਦੇ ਰੂ-ਬ-ਰੂ ਹੁੰਦੇ ਹੋਏ ਰੂਬੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਕਰੜੇ ਹੱਥੀਂ ਲਿਆ।
ਰੂਬੀ ਨੇ ਕਿਹਾ ਮੌਜੂਦਾ ਕਾਂਗਰਸ ਦੀ ਟੀਮ ਆਮ ਲੋਕਾਂ ਦੇ ਹਿੱਤ ਵਿਚ ਬਹੁਤ ਚੰਗੇ ਫ਼ੈਸਲੇ ਲੈ ਰਹੀ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਵਿੱਚ ਸ਼ਾਮਲ ਹੋਈ ਹੈ।