ਬ੍ਰਿਟਿਸ਼ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਰੋਸ ਜਾਹਰ ਕਰਦਿਆਂ ਕੀਤੇ ਗਏ ਹਮਲੇ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਬੌਬ ਨੇ ਚਿਤਾਵਨੀ ਦਿੱਤੀ ਅਤੇ ਲੰਡਨ ਪੁਲਸ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਬੌਬ ਨੇ ਕਿਹਾ ਕਿ ਪੁਲਿਸ ਨੂੰ ਮੇਰਾ ਸੁਨੇਹਾ ਬਹੁਤ ਸਰਲ ਅਤੇ ਸਪਸ਼ਟ ਹੈ। ਜਦੋਂ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰੋ ਅਤੇ ਉਨ੍ਹਾਂ ਨੂੰ ਸਬਕ ਸਿਖਾਓ।
ਵਾਰਿਸ ਪੰਜਾਬ ਦੀ ਜਥੇਬੰਦੀ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਖਿਲਾਫ ਭਾਰਤ ਵਿੱਚ ਕਾਰਵਾਈ ਚੱਲ ਰਹੀ ਹੈ। ਇਸ ਕਾਰਵਾਈ ਕਾਰਨ ਸਮਰਥਕਾਂ ਵਿੱਚ ਰੋਸ ਹੈ ਅਤੇ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਪ੍ਰਦਰਸ਼ਨ ਵੀ ਇਨ੍ਹਾਂ ਪ੍ਰਦਰਸ਼ਨਾਂ ਦਾ ਹਿੱਸਾ ਸਨ।
ਐਤਵਾਰ ਨੂੰ ਕੁਝ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਤੋਂ ਭਾਰਤੀ ਰਾਸ਼ਟਰੀ ਝੰਡਾ ਉਤਾਰਨ ਦੀ ਕੋਸ਼ਿਸ਼ ਕੀਤੀ ਅਤੇ ਨਾਅਰੇ ਲਾਏ। ਦੂਤਘਰ ਦੀ ਭੰਨਤੋੜ ਵੀ ਕੀਤੀ।